ਗੁਰਦੁਆਰਾ ਦੇ ਸੱਚਖੰਡ ਸਾਹਿਬ ’ਚ ਪੱਖੇ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਗੁਰਦੁਆਰਾ ਦੇ ਸੱਚਖੰਡ ਸਾਹਿਬ ’ਚ ਪੱਖੇ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ
Publish Date: Wed, 10 Jun 2026 05:18 PM (IST)
Updated Date: Wed, 10 Jun 2026 05:20 PM (IST)

- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇੱਕ ਸਰੂਪ ਪ੍ਰਭਾਵਿਤ, 11 ਸਰੂਪ ਸਹੀ ਸਲਾਮਤ ਬਚੇ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਦੇ ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ ਅੰਦਰ ਬੁੱਧਵਾਰ ਸਵੇਰੇ ਕਰੀਬ ਸਾਢੇ 4 ਵਜੇ ਦੇ ਕਰੀਬ ਪੱਖੇ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਅੱਗ ਲੱਗਣ ਕਾਰਨ ਤੇ ਸੱਚਖੰਡ ਅੰਦਰ ਲੱਗਾ ਪੱਖਾ, ਟਾਈਮ ਪੀਸ ਅਤੇ ਹੋਰ ਪਲਾਸਟਿਕ ਦਾ ਸਾਮਾਨ ਪਿਘਲ ਗਿਆ। ਇਸ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਸਰੂਪ ਨੂੰ ਸੇਕ ਲੱਗਣ ਕਾਰਨ ਨੁਕਸਾਨ ਪਹੁੰਚਿਆ, ਜਦਕਿ ਸੱਚਖੰਡ ਵਿੱਚ ਸੁਸ਼ੋਭਿਤ ਹੋਰ 11 ਸਰੂਪ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਘਟਨਾ ਦਾ ਪਤਾ ਲੱਗਦਿਆਂ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬਾਨ ਸੰਤ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਘਰ ਅੰਦਰ ਵਾਪਰੀ ਇਹ ਘਟਨਾ ਸਮੁੱਚੀ ਸਿੱਖ ਕੌਮ ਲਈ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਦੱਸਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਨੂੰ 16 ਜੂਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਾਜ਼ਰ ਹੋਣ ਲਈ ਤਲਬ ਕਰਨ ਦਾ ਫੈਸਲਾ ਸੁਣਾਇਆ। ਐੱਸਜੀਪੀਸੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਪੱਖੇ ’ਚ ਹੋਏ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਗ੍ਰੰਥ ਸਾਹਿਬ ਦੇ ਇੱਕ ਸਰੂਪ ਨੂੰ ਸੇਕ ਲੱਗੀ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਗੁਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਨਿਤਨੇਮ ਅਤੇ ਅਰਦਾਸ ਬੇਨਤੀ ਦੀ ਸਮਾਪਤੀ ਤੋਂ ਬਾਅਦ ਜਦੋਂ ਪ੍ਰਬੰਧਕ ਸੱਚਖੰਡ ਤੋਂ ਬਾਹਰ ਆਏ ਤਾਂ ਇੱਕ ਲੜਕੀ ਮੱਥਾ ਟੇਕਣ ਲਈ ਅੰਦਰ ਗਈ। ਉਸ ਨੇ ਦੇਖਿਆ ਕਿ ਸੱਚਖੰਡ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਇਕੱਠੇ ਹੋਏ ਸੇਵਾਦਾਰਾਂ ਨੇ ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਬਾਹਰ ਲਿਆਦਾ ਅਤੇ ਅੱਗ ’ਤੇ ਕਾਬੂ ਪਾਇਆ। ਇਸ ਮੌਕੇ ਸਾਬਕਾ ਡਿਪਟੀ ਚੇਅਰਮੈਨ ਲਸਮਣ ਸਿੰਘ ਮੂੰਮ, ਸਰਪੰਚ ਲਖਬੀਰ ਸਿੰਘ, ਸੁਖਪਾਲ ਸਿੰਘ ਸੇਖੋ ਅਤੇ ਬਾਬਾ ਗੁਰਦੀਪ ਸਿੰਘ ਮੂੰਮ ਨੇ ਵੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸਮੂਹ ਸੰਗਤ ਲਈ ਗਹਿਰੇ ਦੁੱਖ ਦਾ ਵਿਸ਼ਾ ਹੈ। ਅਖੀਰ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੁਕਮਾਂ ਤੇ ਅਰਦਾਸ ਬੇਨਤੀ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸ੍ਰੀ ਗੋਬਿੰਦਵਾਲ ਸਾਹਿਬ ਲਈ ਭੇਜਿਆ ਗਿਆ। ਸੰਗਤਾਂ ਦੇ ਭਰੇ ਮਨ ਅਤੇ ਪਛਚਾਤਾਪ ਕਰਦਿਆਂ ਪਵਿੱਤਰ ਸਰੂਪ ਨੂੰ ਰਵਾਨਾ ਕੀਤਾ। ਇਸ ਮੌਕੇ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਤੋਂ ਪੂਰੀ ਘਟਨਾ ਦੀ ਜਾਣਕਾਰੀ ਲਈ ਹੈ ਇਹ ਘਟਨਾ ਬਿਜਲੀ ਜ਼ਿਆਦਾ ਆਉਣ ਕਾਰਨ ਹੋਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ-ਬੀਸੀ ਸੈੱਲ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਆੜ੍ਹਤੀਆ ਰਵਿੰਦਰ ਸਿੰਘ ਸੇਖੋ, ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ।