- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਠੀਕ ਕੀਤੀ ਜਾਵੇਗੀ। ਗੈਂਗਸਟਰਾਂ ਨੂੰ ਜੇਲ੍ਹਾਂ ’ਚ ਡੱਕ ਕੇ ਉਨ੍ਹਾਂ ਦੀਆਂ ਲੱਤਾਂ ਭੰਨੀਆਂ ਜਾਣਗੀਆਂ। ਨਸ਼ਿਆਂ ਦੇ ਮੁੱਦਿਆਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਇਕ ਨਿੱਜੀ ਪੈਲੇਸ ’ਚ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਮੌਜੂਦਾ ‘ਆਪ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਏ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਪੰਜਾਂ ਸਾਲਾਂ ’ਚ ਪੰਜਾਬ ਅੰਦਰ ਡਰ ਤੇ ਦਹਿਸ਼ਤ ਦਾ ਮਾਹੌਲ ਬਹੁਤ ਜ਼ਿਆਦਾ ਵੱਧ ਗਿਆ ਹੈ। ਸੂਬੇ ’ਚ ਗੈਂਗਸਟਰ ਤੇ ਲੁਟੇਰੇ ਸ਼ਰੇਆਮ ਘੁੰਮ ਰਹੇ ਹਨ, ਕਿਉਂਕਿ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੈਸੇ ਲੈ ਕੇ ਐੱਸਐੱਸਪੀ, ਡੀਐੱਸਪੀ ਤੇ ਐੱਸਐੱਚਓ ਲਾਏ ਜਾਂਦੇ ਹਨ, ਜਿਸ ਕਰਕੇ ਪੁਲਿਸ ਅਫ਼ਸਰ ਲੁਟੇਰਿਆਂ ਨਾਲ ਰਲੇ ਹੋਏ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਠੀਕ ਕੀਤੀ ਜਾਵੇਗੀ। ਗੈਂਗਸਟਰਾਂ ਨੂੰ ਜੇਲ੍ਹਾਂ ’ਚ ਡੱਕ ਕੇ ਉਨ੍ਹਾਂ ਦੀਆਂ ਲੱਤਾਂ ਭੰਨੀਆਂ ਜਾਣਗੀਆਂ। ਨਸ਼ਿਆਂ ਦੇ ਮੁੱਦਿਆਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ’ਚ ਨਸ਼ਾ ਤਸਕਰਾਂ ਨੂੰ ਨਾ ਤਾਂ ਜ਼ਮਾਨਤ ਮਿਲੇਗੀ ਤੇ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣਗੀਆਂ। ਵਪਾਰੀਆਂ ਦੀ ਦੁਰਦਸ਼ਾ ’ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਵਪਾਰੀਆਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ਹੈ। ਅੱਜ ਛੋਟੇ ਵਪਾਰੀ ਤੰਗੀ ਨਾਲ ਮਰ ਰਹੇ ਹਨ ਤੇ ਡਰ ਦੇ ਮਾਰੇ ਪੰਜਾਬ ਛੱਡ ਕੇ ਬਾਹਰ ਜਾ ਰਹੇ ਹਨ। ਸਾਡੀ ਸਰਕਾਰ ਆਉਣ ’ਤੇ ਇਹ ਡਰ ਦਾ ਮਾਹੌਲ ਖ਼ਤਮ ਕੀਤਾ ਜਾਵੇਗਾ ਤੇ ਬਾਹਰ ਗਏ ਵਪਾਰੀਆਂ ਨੂੰ ਵਾਪਸ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਬੇਅੰਤ ਬਾਠ, ਟਿੰਕੂ ਖਾਨ, ਤਰਲੋਚਨ ਬਾਂਸਲ, ਭਗਵੰਤ ਚੱਠਾ, ਕੌਮੀ ਜਥੇਬੰਦਕ ਸਕੱਤਰ ਜਤਿੰਦਰ ਜਿੰਮੀ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।