ਗੋਬਿੰਦ ਇੰਟਰਨੈਸ਼ਨਲ ਸਕੂਲ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਸ਼ਹੀਦਾਂ ਨੂੰ ਭਾਵੁਕ ਸ਼ਰਧਾਂਜਲੀ
Publish Date: Wed, 25 Mar 2026 04:14 PM (IST)
Updated Date: Wed, 25 Mar 2026 04:16 PM (IST)
ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ
ਭਦੌੜ : ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਸ਼ਹੀਦੀ ਦਿਹਾੜੇ ਮੌਕੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਪਵਨ ਕੁਮਾਰ ਠਾਕੁਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕੀਤੀ। ਚੇਅਰਮੈਨ ਡਾ. ਦਰਸ਼ਨ ਸਿੰਘ ਗਿੱਲ ਅਤੇ ਐੱਮਡੀ ਰਿਚਾ ਪਨੇਸਰ ਗਿੱਲ ਨੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਸਨਮਾਨ ਦੇ ਰੂਪ ਵਿੱਚ ਫੁੱਲ ਭੇਟ ਕੀਤੇ ਗਏ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ, ਦੇਸ਼-ਪ੍ਰੇਮ ਅਤੇ ਕੁਰਬਾਨੀ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ। ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਮਹਾਨ ਸ਼ਹੀਦ ਸਾਡੀ ਕੌਮ ਦੇ ਮਾਣ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਦੇਸ਼ ਦੀ ਸੇਵਾ ਅਤੇ ਸੱਚਾਈ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਚੰਗੇ ਨਾਗਰਿਕ ਬਣਨ। ਸਮਾਗਮ ਦੌਰਾਨ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਲਈ ਇਹ ਬਹੁਤ ਜ਼ਰੂਰੀ ਹੈ ਕਿ ਉਹ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਅੰਦਰ ਦੇਸ਼ਭਗਤੀ ਅਤੇ ਇਮਾਨਦਾਰੀ ਦੀ ਭਾਵਨਾ ਪੈਦਾ ਕਰਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ ਅਤੇ ਸਾਰਿਆਂ ਨੇ ਇਹ ਸੰਕਲਪ ਲਿਆ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਇਹ ਸਮਾਗਮ ਸਾਰੇ ਹਾਜ਼ਰ ਲੋਕਾਂ ਲਈ ਬਹੁਤ ਹੀ ਪ੍ਰੇਰਨਾਦਾਇਕ ਹੋ ਨਿੱਬੜਿਆ।