- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਦੀ ਸ਼ਾਨਦਾਰ ਸ਼ੁਰੂਆਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ’ਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਉਣ ਲਈ ਦਸਤਾਵੇਜ਼ੀ ਸ਼ੋਅ ਆਰੰਭ ਕੀਤੇ ਗਏ ਹਨ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਆਉਂਦੇ ਪਿੰਡਾਂ ਕਰਮਗੜ੍ਹ ਅਤੇ ਨੰਗਲ ਵਿਚ ਦਸਤਾਵੇਜ਼ੀ ਸ਼ੋ ਕਰਵਾਏ ਗਏ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਸ਼ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ਉੱਤੇ ਆਧਾਰਿਤ ਇਹ ਦਸਤਾਵੇਜ਼ੀ ਸ਼ੋਅ ਹਰ ਪਿੰਡ ’ਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸਮਾਨਤਾ, ਪ੍ਰੇਮ ਅਤੇ ਪ੍ਰਭੂ ਭਗਤੀ ਦਾ ਮਾਰਗ ਦਿਖਾਉਂਦੀਆਂ ਹਨ। ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਜਾਤ-ਪਾਤ, ਭੇਦਭਾਵ ਅਤੇ ਵਹਿਮਾਂ-ਭਰਮਾਂ ਦਾ ਖੰਡਨ ਕਰਦੀ ਹੈ। ਪਿੰਡਾਂ ’ਚ ਰੋਜ਼ਾਨਾ ਸ਼ਾਮ ਨੂੰ ਜਦੋਂ ਸਾਰੇ ਵਰਗਾਂ ਦੇ ਲੋਕ ਇਕੱਠੇ ਬੈਠ ਕੇ ਇਸ ਦਸਤਾਵੇਜ਼ੀ ਸ਼ੋਅ ਨੂੰ ਦੇਖਣਗੇ, ਤਾਂ ਇਸ ਨਾਲ ਪਿੰਡਾਂ ’ਚ ਆਪਸੀ ਭਾਈਚਾਰਾ, ਸਾਂਝ ਅਤੇ ਬਰਾਬਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਵੈਨ ਉਤੇ ਲੱਗੀ ਵਡ ਅਕਾਰੀ ਐਲਈਡੀ ਸਕ੍ਰੀਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਬਣੀ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਪਿੰਡ ਦੇ ਵਾਸੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।