ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਭਿਆਨਕ ਸੜਕ ਹਾਦਸਾ: ਪਤੀ-ਪਤਨੀ ਦੀ ਮੌਤ, ਤਿੰਨ ਸਾਲਾ ਬੱਚੀ ਗੰਭੀਰ ਜ਼ਖ਼ਮੀ
ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਕਿਸੇ ਭੋਗ/ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਕਾਰ ਸਵਾਰ ਆਪਣੀ ਗੱਡੀ ਮੌਕੇ ‘ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਤਾਜੋਕੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਅਤੇ ਹੋਰ ਪਿੰਡ ਵਾਸੀ ਮੌਕੇ ‘ਤੇ ਪਹੁੰਚੇ।
Publish Date: Mon, 09 Mar 2026 12:45 PM (IST)
Updated Date: Mon, 09 Mar 2026 12:47 PM (IST)
ਦੀਪਕ ਬਾਂਸਲ, ਤਪਾ ਮੰਡੀ: ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸੋਮਵਾਰ ਸਵੇਰੇ ਕਰੀਬ 9 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਤਿੰਨ ਸਾਲਾ ਮਾਸੂਮ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਤਪਾ ਮੰਡੀ ਦੇ ਨਜ਼ਦੀਕ ਧਾਗਾ ਮਿੱਲ ਕੋਲ ਵਾਪਰਿਆ।
ਜਾਣਕਾਰੀ ਅਨੁਸਾਰ ਪਿੰਡ ਤਾਜੋਕੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਇੰਦਰਜੀਤ ਸਿੰਘ (ਪੁੱਤਰ ਸੁਖਦੇਵ ਸਿੰਘ) ਆਪਣੀ ਪਤਨੀ ਗੁਰਮੀਤ ਕੌਰ ਅਤੇ ਤਿੰਨ ਸਾਲਾ ਬੱਚੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਮਪੁਰਾ ਵੱਲ ਜਾ ਰਹੇ ਸਨ। ਉਹ ਆਪਣੀ ਬੱਚੀ ਨੂੰ ਦਵਾਈ ਦਿਵਾਉਣ ਲਈ ਘਰੋਂ ਨਿਕਲੇ ਸਨ। ਜਦੋਂ ਉਹ ਧਾਗਾ ਮਿੱਲ ਤੋਂ ਕੁਝ ਦੂਰੀ ‘ਤੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਬਰੀਜ਼ਾ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਬੱਚੀ ਦੀ ਹਾਲਤ ਨਾਜ਼ੁਕ:
ਹਾਦਸੇ ਵਿੱਚ ਜ਼ਖ਼ਮੀ ਹੋਈ ਤਿੰਨ ਸਾਲਾ ਬੱਚੀ ਨੂੰ ਤੁਰੰਤ ਇਲਾਜ ਲਈ ਰਾਮਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੋਸ਼ੀ ਕਾਰ ਸਵਾਰ ਫ਼ਰਾਰ:
ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਕਿਸੇ ਭੋਗ/ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਕਾਰ ਸਵਾਰ ਆਪਣੀ ਗੱਡੀ ਮੌਕੇ ‘ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਤਾਜੋਕੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਅਤੇ ਹੋਰ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਗਿੱਲ ਕਲਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਰਾਮਪੁਰਾ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਪਿੰਡ ਤਾਜੋਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।