ਕੇਵਲ ਸਿੰਘ ਢਿੱਲੋਂ ਦਾ ਵੱਡਾ ਦਾਅਵਾ: ਪੰਜਾਬ 'ਚ ਬਣੇਗੀ ਭਾਜਪਾ ਸਰਕਾਰ, ਮਿਲੇਗਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਸ਼ਾਸਨ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜੇਕਰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਸੌਂਪਦੇ ਹਨ ਤਾਂ ਸੂਬੇ ’ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਿਧਾਂਤਾਂ ’ਤੇ ਆਧਾਰਿਤ ਸੁਸ਼ਾਸਨ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਿਕਾਸ ਦੀ ਘਾਟ ਤੋਂ ਮੁਕਤ ਕਰਵਾ ਕੇ ਲੋਕ ਭਲਾਈ ਵਾਲਾ ਮਜ਼ਬੂਤ ਪ੍ਰਸ਼ਾਸਨ ਦੇਵੇਗੀ।
Publish Date: Mon, 15 Jun 2026 06:26 PM (IST)
Updated Date: Mon, 15 Jun 2026 06:29 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜੇਕਰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਸੌਂਪਦੇ ਹਨ ਤਾਂ ਸੂਬੇ ’ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਿਧਾਂਤਾਂ ’ਤੇ ਆਧਾਰਿਤ ਸੁਸ਼ਾਸਨ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਿਕਾਸ ਦੀ ਘਾਟ ਤੋਂ ਮੁਕਤ ਕਰਵਾ ਕੇ ਲੋਕ ਭਲਾਈ ਵਾਲਾ ਮਜ਼ਬੂਤ ਪ੍ਰਸ਼ਾਸਨ ਦੇਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ ਅਤੇ ਨੌਜਵਾਨ ਨਸ਼ਿਆਂ ਦੀ ਚਪੇਟ ’ਚ ਆ ਰਹੇ ਹਨ, ਜਦਕਿ ਗੈਂਗਸਟਰਵਾਦ ਸਮਾਜ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਲਿਜਾਣ ’ਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਪਰ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਮਿਲ ਰਹੇ ਕਈ ਲਾਭ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਨਹੀਂ ਕਰ ਸਕੀ, ਜਿਸ ਕਾਰਨ ਲੋਕਾਂ ’ਚ ਨਿਰਾਸ਼ਾ ਹੈ।
ਮਹਿਲਾਵਾਂ ਲਈ ਐਲਾਨੀ ਆਰਥਿਕ ਸਹਾਇਤਾ ਯੋਜਨਾ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ ਕਿ ਸਰਕਾਰ ਆਪਣੇ ਕਾਰਜਕਾਲ ਦੇ ਅਖੀਰਲੇ ਪੜਾਅ ’ਚ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਬੰਧੀ ਫਾਰਮ ਭਰਵਾ ਰਹੀ ਹੈ, ਜਦਕਿ ਗੁਆਂਢੀ ਸੂਬਿਆਂ ’ਚ ਕਈ ਭਲਾਈ ਯੋਜਨਾਵਾਂ ਪਹਿਲਾਂ ਹੀ ਲਾਗੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਨਤੀਜੇ ਦੇਖਣਾ ਚਾਹੁੰਦੇ ਹਨ।