- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਬੇੜਾ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ

ਸਹਵੀਰ ਸਾਬੀ, ਪੰਜਾਬੀ ਜਾਗਰਣ
ਬਰਨਾਲਾ : ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਐਕਟ ਤਹਿਤ ਜ਼ਿਲ੍ਹਾ ਪੱਧਰੀ ਤਿਮਾਹੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ, ਵਿਸ਼ੇਸ਼ ਲੋੜਾਂ, ਭਲਾਈ ਸਬੰਧੀ ਮੁੱਦਿਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਲੁੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਤੇ ਉਨ੍ਹਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਾਰੇ ਵਿਭਾਗਾਂ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਮੂਹ ਅਧਿਕਾਰੀਆਂ/ਮੈਂਬਰ ਨੂੰ ਅਪੀਲ ਕੀਤੀ ਗਈ ਕਿ ਬਾਬਾ ਫੂਲ ਸਰਕਾਰੀ ਬਿਰਧ ਘਰ, ਤਪਾ ਵਿਖੇ ਵੱਧ ਤੋਂ ਵੱਧ ਲੋੜਵੰਦ/ਬੇਸਹਾਰਾ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਵੱਲੋਂ ਕਈ ਮਹੱਤਵਪੂਰਨ ਸੁਝਾਅ ਪੇਸ਼ ਕੀਤੇ ਗਏ। ਉਨ੍ਹਾਂ ਸੁਝਾਅ ਦਿੱਤਾ ਕਿ ਐੱਸਡੀਐੱਮ ਪੱਧਰ ’ਤੇ ਸੀਨੀਅਰ ਸਿਟੀਜ਼ਨਾਂ ਨਾਲ ਸਬੰਧਿਤ ਕੇਸਾਂ ਦੀ ਸਮਾਂਬੱਧ ਸਮੀਖਿਆ ਕਰ ਕੇ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਲਈ ਡੀਐੱਸਪੀ ਪੱਧਰ ਦੇ ਨੋਡਲ ਅਫ਼ਸਰ ਦੀ ਨਿਯੁਕਤੀ ਕਮਰਾ ਨੰਬਰ 338 ਵਿਖੇ ਕੀਤੀ ਗਈ ਹੈ ਤੇ ਇਸ ਕਾਰਜ ਦੀ ਨਿਗਰਾਨੀ ਐੱਸਪੀ ਹੈੱਡਕੁਆਰਟਰ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ’ਚ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਕਾਨੂੰਨੀ ਜਾਗਰੂਕਤਾ ਕੈਂਪ ਲਗਾਤਾਰ ਲਾਏ ਜਾ ਰਹੇ ਹਨ। ਇਸ ਮੌਕੇ ਸਕੱਤਰ ਰੈੱਡ ਕਰਾਸ ਸਰਵਣ ਸਿੰਘ, ਸੀਨੀਅਰ ਸਿਟੀਜ਼ਨ ਕੌਂਸਲ ਬਰਨਾਲਾ ਦੇ ਪ੍ਰਧਾਨ ਗਿਆਨ ਚੰਦ ਗੋਇਲ, ਮੈਂਬਰ ਗਿਆਨ ਚੰਦ ਸਿੰਗਲਾ, ਰਾਜਿੰਦਰ ਪ੍ਰਸਾਦ ਸਿੰਗਲਾ, ਸੁਰਿੰਦਰ ਕੁਮਾਰੀ ਸ਼ਰਮਾ, ਡਾ. ਹਰੀਪਾਲ ਸਿੰਘ (ਸਿਵਲ ਸਰਜਨ, ਬਰਨਾਲਾ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪੁਲਿਸ ਵਿਭਾਗ, ਸਿਹਤ ਵਿਭਾਗ, ਰੈੱਡ ਕਰਾਸ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।