ਕੀਰਤਪੁਰ ਸਾਹਿਬ ਹਾਦਸਾ : 2 ਮੌਤਾਂ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ, ਥਾਰ ਚਾਲਕ ਨੂੰ ਸਾਹਮਣੇ ਲਿਆਉਣ ਦੀ ਮੰਗ 'ਤੇ ਡੇਢ ਘੰਟਾ ਲੱਗਾ ਜਾਮ
ਬੀਤੀ ਸ਼ਾਮ ਸ਼੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਤੇ ਪਿੰਡ ਬਰੂਵਾਲ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ
Publish Date: Thu, 12 Nov 2026 02:54 PM (IST)
Updated Date: Thu, 12 Nov 2026 03:07 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਬੀਤੀ ਸ਼ਾਮ ਸ਼੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਤੇ ਪਿੰਡ ਬਰੂਵਾਲ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸ੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਨੂੰ ਕਰੀਬ ਡੇਢ ਘੰਟਾ ਜਾਮ ਕਰਕੇ ਰੱਖਿਆ। ਪਰਿਵਾਰਿਕ ਮੈਂਬਰਾਂ ਦੀ ਮੰਗ ਸੀ ਕਿ ਥਾਰ ਚਾਲਕ ਉਕਤ ਦੋਸ਼ੀ ਨੂੰ ਫੜ ਕੇ ਉਸ ਤੇ ਮੁਕਦਮਾ ਦਰਜ ਕੀਤਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
![naidunia_image]()
ਦੱਸਣ ਯੋਗ ਹੈ ਕੀ ਕੀਰਤਪੁਰ ਸਾਹਿਬ: ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਪੈਂਦੇ ਪਿੰਡ ਬਰੂਵਾਲ ਨੇੜੇ ਸਾਮੀ ਕਰੀਬ 5 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਸੀ। ਹਿਮਾਚਲ ਪ੍ਰਦੇਸ਼ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਨੂੰ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ ਜੋ ਕਿ ਇਸ ਸਮੇਂ ਜੇਰੇ ਇਲਾਜ ਹੈ। ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ ਉਮਰ 60 ਸਾਲ ਪੁੱਤਰ ਜੀਤ ਸਿੰਘ ਵਾਸੀ ਪਿੰਡ ਬਰੂਵਾਲ ਅਤੇ ਵਿਸ਼ਵ ਨਾਥ 32 ਸਾਲ ਪੁੱਤਰ ਨੰਦ ਲਾਲ ਵਾਸੀ ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਿੰਡ ਬਰੂਵਾਲ ਦੀ ਹੱਦ ਵਿੱਚ ਸੜਕ ਕਿਨਾਰੇ ਖੜ੍ਹੇ ਸਨ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਥਾਰ ਗੱਡੀ ਨੰਬਰ HP 07 H 7865 ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹਾਦਸੇ ਤੋਂ ਬਾਅਦ ਥਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਥਾਰ ਗੱਡੀ ਨੂੰ ਪਕੜ ਲਿਆ ਸੀ ਜਦੋਂ ਕਿ ਥਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ।
ਉਧਰ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਜਦੋਂ ਤੱਕ ਹਾਦਸੇ ਲਈ ਜ਼ਿੰਮੇਵਾਰ ਥਾਰ ਗੱਡੀ ਅਤੇ ਉਸ ਦੇ ਚਾਲਕ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ਾਂ ਨੂੰ ਸੜਕ ਤੋਂ ਨਹੀਂ ਚੁੱਕਣ ਦੇਣਗੇ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਗਿਆ ਅਤੇ ਥਾਰ ਗੱਡੀ ਨੂੰ ਚਾਲਕ ਸਮੇਤ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨਾਲ ਵਾਅਦਾ ਕੀਤਾ ਕਿ ਅਗਲੇ ਇੱਕ ਤੋਂ ਦੋ ਘੰਟਿਆਂ ਦੇ ਅੰਦਰ-ਅੰਦਰ ਉਕਤ ਥਾਰ ਗੱਡੀ ਨੂੰ ਚਾਲਕ ਸਮੇਤ ਕਾਬੂ ਕਰ ਲਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ਾਂ ਨੂੰ ਚੁਕਵਾਉਣ ਲਈ ਰਾਜ਼ੀ ਹੋ ਗਏ ਸਨ ਪਰ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਥਾਰ ਚਾਲਕ ਨੂੰ ਪੁਲਿਸ ਵੱਲੋਂ ਜਨਤਕ ਨਹੀਂ ਕੀਤਾ ਗਿਆ ਇਸ ਦੇ ਰੋਸ ਵਜੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਰਿਵਾਰਕ ਮੈਂਬਰਾਂ ਨੇ ਥਾਣੇ ਦਾ ਘਿਰਾਓ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਥਾਨਕ ਲੋਕਾਂ ਦੇ ਸਹਿਯੋਗ ਨਾਲ ਮੁੱਖ ਮਾਰਗ ਜਾਮ ਕੀਤਾ ਗਿਆ ਅਤੇ ਸੜਕ ਤੇ ਲੰਮੀਆਂ ਲਾਈਨਾਂ ਤੇ ਲੋਕ ਪਰੇਸ਼ਾਨ ਹੋ ਰਹੇ ਸਨ। ਕਰੀਬ ਡੇਢ ਘੰਟੇ ਬਾਅਦ ਪੁਲਿਸ ਵੱਲੋਂ ਥਾਰ ਚਾਲਕ ਨੂੰ ਲੋਕਾਂ ਅੱਗੇ ਪੇਸ਼ ਕਰਨ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ ਅਤੇ ਪੁਲਿਸ ਵੱਲੋਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਇਸ ਮੌਕੇ ਸੁੱਚਾ ਸਿੰਘ ਬਰੂਵਾਲ, ਬਲਦੇਵ ਸਿੰਘ, ਡਾਕਟਰ ਖੁਸ਼ਹਾਲ ਸਿੰਘ ਬਰੂਆਲ, ਐਡਵੋਕੇਟ ਵਿਸ਼ਾਲ ਸੈਣੀ, ਸਰਵਣ ਸਿੰਘ, ਸੁਰਿੰਦਰ ਪਾਲ ਕੌੜਾ, ਜਗਤਾਰ ਸਿੰਘ ਗੁਰਦੇਵ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।