ਚੋਰੀ ਦੇ ਵਾਹਨਾਂ ਸਮੇਤ ਦੋ ਮੋਟਰਸਾਈਕਲ ਚੋਰ ਕਾਬੂ
ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ: ਦੋ ਮੋਟਰਸਾਈਕਲ ਚੋਰ ਚੋਰੀ ਦੇ ਵਾਹਨਾਂ ਸਮੇਤ ਕਾਬੂ
Publish Date: Wed, 28 Jan 2026 04:26 PM (IST)
Updated Date: Wed, 28 Jan 2026 04:28 PM (IST)

- ਮਲੇਰਕੋਟਲੇ ਤੋਂ ਚੋਰੀ ਕਰ ਕੇ ਮਹਿਲ ਕਲਾਂ ਵੇਚਣ ਲਿਆਏ ਸਨ ਮੋਟਰਸਾਈਕਲ : ਐੱਸਐੱਚਓ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲਕਲਾਂ : ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਮੋਟਰਸਾਈਕਲ ਚੋਰਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਮਹਿਲ ਕਲਾਂ ਸਰਬਜੀਤ ਸਿੰਘ ਰੰਗੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਮਲੇਰਕੋਟਲੇ ਤੋਂ ਮੋਟਰਸਾਈਕਲ ਚੋਰੀ ਕਰ ਕੇ ਉਨ੍ਹਾਂ ਨੂੰ ਮਹਿਲ ਕਲਾਂ ਇਲਾਕੇ ’ਚ ਵੇਚਣ ਦੀ ਫਿਰਾਕ ’ਚ ਲੈ ਕੇ ਆਏ ਸਨ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਮਹਿਲ ਕਲਾਂ ਅਤੇ ਅਰਸ਼ਦੀਪ ਸਿੰਘ ਉਰਫ਼ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ’ਚੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਲਏ ਹਨ। ਐੱਸਐੱਚਓ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 303(2) ਅਤੇ 317(2) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਦਰਜ ਨਹੀਂ ਹੈ, ਹਾਲਾਂਕਿ ਦੋਵੇਂ ਨਸ਼ੇ ਦੇ ਆਦੀ ਹਨ। ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ ਤਾਂ ਜੋ ਹੋਰ ਚੋਰੀ ਦੀਆਂ ਵਾਰਦਾਤਾਂ ਦਾ ਖੁਲਾਸਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਥਾਣਾ ਮਹਿਲ ਕਲਾਂ ਪੁਲਿਸ ਵੱਲੋਂ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।