ਨਸ਼ਿਆਂ ਖ਼ਿਲਾਫ਼ ਮਹਿਲ ਕਲਾਂ ਪੁਲਿਸ ਦਾ ਵੱਡਾ ਐਕਸ਼ਨ ਨਸ਼ਿਆਂ ਖ਼ਿਲਾਫ਼ ਮਹਿਲ ਕਲਾਂ ਪੁਲਿਸ ਦਾ ਵੱਡਾ ਐਕਸ਼ਨ
Publish Date: Sun, 04 Oct 2026 03:17 PM (IST)
Updated Date: Mon, 05 Oct 2026 04:02 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਬ-ਡਿਵੀਜ਼ਨ ਅਧੀਨ ਪੈਂਦੇ ਮਹਿਲ ਕਲਾਂ, ਠੁੱਲੀਵਾਲ ਅਤੇ ਮਹਿਲ ਟੱਲੇਵਾਲ ਥਾਣਿਆਂ ਦੇ ਇਲਾਕਿਆਂ ਵਿੱਚ ਤਿੰਨ ਥਾਵਾਂ ’ਤੇ ਛਾਪੇਮਾਰੀ ਕਰਕੇ 14 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਤਿੰਨ ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ ਇੱਕ ਵਿਅਕਤੀ ਨੂੰ 170 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਰੀਬ 40 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਚਾਰ ਵਿਅਕਤੀਆਂ ਖ਼ਿਲਾਫ਼ 110 ਦੇ ਕਲੰਦਰੇ ਤਿਆਰ ਕੀਤੇ ਗਏ ਅਤੇ ਵੱਖ-ਵੱਖ ਥਾਣਿਆਂ ਵਿੱਚ ਬੀਐੱਨਐੱਸਐੱਸ ਦੀ ਧਾਰਾ 172 ਤਹਿਤ ਵੀ ਕਾਰਵਾਈ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਬੂ ਕੀਤੇ ਸਾਰੇ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਨਹੀਂ ਹੋਏ, ਸਗੋਂ ਕੁਝ ਦੀਆਂ ਸ਼ੱਕੀ ਗਤੀਵਿਧੀਆਂ ਕਾਰਨ ਪੁੱਛਗਿੱਛ ਕੀਤੀ ਗਈ ਹੈ। ਪੁਲਿਸ ਵੱਲੋਂ ਮਹਿਲ ਖੁਰਦ ਸਮੇਤ ਹੋਰ ਇਲਾਕਿਆਂ ਵਿੱਚ ਵੀ ਸ਼ੱਕੀ ਵਿਅਕਤੀਆਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਜਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਇੰਸਪੈਕਟਰ ਕਮਲਜੀਤ ਕੌਰ, ਰੀਡਰ ਗੁਰਦੀਪ ਸਿੰਘ ਛੀਨੀਵਾਲ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ।