- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਨੇਰ ਵਿਖੇ ਭਾਈ ਲਾਲੋ ਪੰਜਾਬੀ ਮੰਚ ਵੱਲੋਂ ਵਿਸ਼ਾਲ ਇਕੱਤਰਤਾ, ਸੱਚ ਦੇ

- ਸੱਚ ਦੇ ਰਾਹ ’ਤੇ ਚੱਲਣ ਵਾਲਿਆਂ ਨਾਲ ਹਰ ਸੰਘਰਸ਼ ’ਚ ਖੜ੍ਹਨ ਦਾ ਫ਼ੈਸਲਾ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਭਾਈ ਲਾਲੋ ਪੰਜਾਬੀ ਮੰਚ ਵੱਲੋਂ ਸੂਬਾ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਪਿੰਡ ਧਨੇਰ ਵਿਖੇ ਮਨੁੱਖੀ ਹੱਕਾਂ ਦੇ ਰਾਖੇ ਤੇ ਸੱਚ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਸਮਰਪਿਤ ਵਿਸ਼ਾਲ ਇਕੱਤਰਤਾ ਕਰਵਾਈ ਗਈ। ਇਕੱਤਰਤਾ ’ਚ ਵੱਖ-ਵੱਖ ਪਿੰਡਾਂ ਤੋਂ ਸਰਪੰਚਾਂ, ਪੰਚਾਂ, ਸਮਾਜਿਕ ਆਗੂਆਂ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਸ਼ਮੂਲੀਅਤ ਕਰਕੇ ਭਾਈ ਖਾਲੜਾ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਦਾ ਅਹਿਦ ਕੀਤਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ, ਨਿਆਂ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਦਾ ਸਦੀਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਸੱਚ ਦੇ ਪੱਖ ’ਤੇ ਖੜ੍ਹਨ ਵਾਲੇ ਲੋਕਾਂ ਨੂੰ ਇੱਕਜੁੱਟ ਹੋ ਕੇ ਹਰ ਤਰ੍ਹਾਂ ਦੀ ਬੇਇਨਸਾਫ਼ੀ ਖਿਲਾਫ਼ ਲੜਨ ਦੀ ਲੋੜ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਵਾਲੇ ਸਰਪੰਚਾਂ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ’ਤੇ ਬੇਬੁਨਿਆਦ ਦੋਸ਼ ਲਗਾ ਕੇ ਉਨ੍ਹਾਂ ਨੂੰ ਦਬਾਉਣ ਤੇ ਉਨ੍ਹਾਂ ਦੇ ਅਧਿਕਾਰ ਸੀਮਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ’ਤੇ ਦਬਾਅ ਬਣਾ ਕੇ ਆਪਣੀ ਮਰਜ਼ੀ ਅਨੁਸਾਰ ਕੰਮ ਕਰਵਾਉਣ ਦੇ ਯਤਨਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਭਾਈ ਲਾਲੋ ਪੰਜਾਬੀ ਮੰਚ ਹਮੇਸ਼ਾ ਹੱਕ, ਸੱਚ ਤੇ ਇਨਸਾਫ਼ ਲਈ ਸੰਘਰਸ਼ ਕਰਨ ਵਾਲੇ ਲੋਕਾਂ ਨਾਲ ਚਟਾਨ ਵਾਂਗ ਖੜ੍ਹਾ ਰਿਹਾ ਹੈ ਤੇ ਅੱਗੇ ਵੀ ਲੋਕ ਹਿੱਤਾਂ ਦੀ ਰੱਖਿਆ ਲਈ ਹਰ ਮੋਰਚੇ ’ਤੇ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ। ਉਨ੍ਹਾਂ ਨੌਜਵਾਨਾਂ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਤੋਂ ਪ੍ਰੇਰਨਾ ਲੈ ਕੇ ਸਮਾਜ ’ਚ ਸੱਚ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਸਰਪੰਚ ਅਮਨਪ੍ਰੀਤ ਕੌਰ, ਸਰਪੰਚ ਦਰਸ਼ਨ ਸਿੰਘ ਭੱਦਲਵੱਡ, ਜਸਪਾਲ ਸਿੰਘ, ਸਰਬਜੀਤ ਕੌਰ, ਮੁਖਤਿਆਰ ਸਿੰਘ, ਪੰਚ ਚਰਨਜੀਤ ਸਿੰਘ, ਪੰਚ ਜਗਰੂਪ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ (ਬਲਾਕ ਸੰਮਤੀ ਮੈਂਬਰ) ਸਮੇਤ ਵੱਡੀ ਗਿਣਤੀ ’ਚ ਪੰਚਾਇਤੀ ਨੁਮਾਇੰਦੇ, ਸਮਾਜਿਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।