- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਮਹਾਂ ਰੈਲੀ' ਦੀ ਤਿਆਰੀ ਸੰਬੰਧੀ ਮੀਟਿੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਜੱਥੇਬੰਦੀਆਂ ਵੱਲੋਂ ਅੱਜ ਡੀ ਸੀ ਕੰਪਲੈਕਸ ਬਰਨਾਲਾ ਦੇ ਪਾਰਕ ‘ਚ 10 ਅਕਤੂਬਰ ਸੰਗਰੂਰ ‘ਮਹਾਂ ਰੈਲੀ'’ ਦੀ ਤਿਆਰੀ ਸੰਬੰਧੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਸੁਖਜੰਟ ਸਿੰਘ, ਰਾਜੀਵ ਕੁਮਾਰ, ਦਰਸ਼ਨ ਚੀਮਾ, ਮੋਹਣ ਸਿੰਘ ਛੰਨਾ, ਪ੍ਰਿੰਸੀਪਲ ਕੌਰ ਸਿੰਘ,ਰਵਿੰਦਰ ਸ਼ਰਮਾਂ,ਮੋਹਣ ਸਿੰਘ ਵੇਅਰਹਾਊਸ ਤੇ ਕਾਨੂੰਗੋ ਰਾਜਿੰਦਰ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਹੱਕ ਵਿੱਚ ਹਾਮੀ ਭਰਨ ਵਾਲੀ ‘ਆਪ’ ਸਰਕਾਰ ਵੀ ਪਿਛਲੇ ਚਾਰ ਸਾਲ ਤੋਂ ਪੰਜਾਬ ਸਕੇਲ, ਪੁਰਾਣੀ ਪੈਨਸ਼ਨ, ਡੀਏ ਅਤੇ ਭੱਤਿਆਂ ਦੀ ਬਹਾਲੀ ਤੋਂ ਕਿਨਾਰਾ ਕਰ ਚੁੱਕੀ ਹੈ, ਸਗੋਂ ਮੁਲਾਜ਼ਮਾਂ ਦੇ ਵਿਰੋਧ ਵਿੱਚ ਭੁਗਤ ਰਹੀ ਹੈ। ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ‘ਮਹਾਂ ਰੈਲੀ’ ਵਿੱਚ ਬਰਨਾਲਾ ਜ਼ਿਲ੍ਹੇ ਵਿੱਚੋਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਾਂ ਦੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਲਈ ਬਰਨਾਲਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾਵੇਗੀ। ਬਰਨਾਲਾ ਜ਼ਿਲ੍ਹੇ ਵਿੱਚੋਂ ਸੰਗਰੂਰ ਰੈਲੀ ਵਾਸਤੇ 20 ਬੱਸਾਂ ਦਾ ਕਾਫ਼ਲਾ ਤੋਰਿਆ ਜਾਵੇਗਾ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ 17/7/2020 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕਰਕੇ ਛੇਵੇਂ ਪੰਜਾਬ ਤਨਖਾਹ ਸਕੇਲ ਸਮੇਤ 15 % ਵਾਧੇ ਅਨੁਸਾਰ ਤਨਖਾਹ ਫਿਕਸ ਕਰੇ। ਇਸਦੇ ਨਾਲ ਹੀ ਸਿੱਖਿਆ ਵਿਭਾਗ ਵਿੱਚ ਜਬਰੀ ਤਨਖਾਹ ਕਟੌਤੀ ਕਰਕੇ ਰੈਗੂਲਰ ਕੀਤੇ 1007 ਨਾਨ ਟੀਚਿੰਗ ਕਰਮਚਾਰੀਆਂ ਲਈ ਪੰਜਾਬ ਤਨਖਾਹ ਸਕੇਲਾਂ ਸਮੇਤ ਸਾਲ 2018 ਤੋਂ ਪੈਂਡਿੰਗ ਸਾਰੇ ਵਿੱਤੀ ਲਾਭ ਬਹਾਲ ਕੀਤੇ ਜਾਣ।