ਮਹਿਲ ਕਲਾਂ ਹਮਲਾ ਮਾਮਲਾ : ਨਕਾਬਪੋਸ਼ਾਂ ਦੇ ਹੌਸਲੇ ਬੁਲੰਦ, ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਪਰਿਵਾਰ ਨੇ ਜਤਾਈ ਚਿੰਤਾ
14 ਅਕਤੂਬਰ ਨੂੰ ਬਾਅਦ ਦੁਪਹਿਰ ਕਰੀਬ 3:20 ਵਜੇ ਮਾਰੂ ਹਥਿਆਰਾਂ ਨਾਲ ਲੈਸ 6-7 ਨਕਾਬਪੋਸ਼ ਅਣਪਛਾਤੇ ਵਿਅਕਤੀ ਅਚਾਨਕ ਕਲੀਨਿਕ ’ਚ ਦਾਖਲ ਹੋ ਗਏ ਅਤੇ ਉੱਥੇ ਪਏ ਸਮਾਨ ਦੀ ਭੰਨਤੋੜ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ ਜਦੋਂ ਉਨ੍ਹਾਂ ਦੇ ਪਿਤਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ
Publish Date: Mon, 16 Nov 2026 03:29 PM (IST)
Updated Date: Mon, 16 Nov 2026 03:35 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਕਸਬਾ ਮਹਿਲ ਕਲਾਂ ਵਿਖੇ ਸਹੌਰ ਰੋਡ ’ਤੇ ਸਥਿਤ ਆਯੁਰਵੈਦਿਕ ਦਵਾਈਆਂ ਦੇ ਕਲੀਨਿਕ ’ਚ ਪਿੰਡ ਕਲਾਲ ਮਾਜਰਾ ਨਾਲ ਸਬੰਧਤ ਪਿਓ-ਪੁੱਤ ’ਤੇ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਦੀ ਘਟਨਾ ਨੂੰ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਅਜੇ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਨਾਕਾਮ ਰਹੀ ਹੈ। ਹਾਲਾਂਕਿ ਇਸ ਸਬੰਧੀ ਥਾਣਾ ਮਹਿਲ ਕਲਾਂ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਪਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ ’ਚ ਸਹਿਮ ਦਾ ਮਾਹੌਲ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਦਿਓਲ ਪੁੱਤਰ ਸੁਖਮਿੰਦਰ ਸਿੰਘ ਵਾਸੀ ਕਲਾਲ ਮਾਜਰਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਸਹੌਰ ਰੋਡ ਮਹਿਲ ਕਲਾਂ ਵਿਖੇ ‘ਕੁਦਰਤ ਦਾ ਵੈਦ’ ਨਾਮ ਹੇਠ ਆਯੁਰਵੈਦਿਕ ਕਲੀਨਿਕ ਚਲਾਉਂਦੇ ਹਨ।
14 ਅਕਤੂਬਰ ਨੂੰ ਬਾਅਦ ਦੁਪਹਿਰ ਕਰੀਬ 3:20 ਵਜੇ ਮਾਰੂ ਹਥਿਆਰਾਂ ਨਾਲ ਲੈਸ 6-7 ਨਕਾਬਪੋਸ਼ ਅਣਪਛਾਤੇ ਵਿਅਕਤੀ ਅਚਾਨਕ ਕਲੀਨਿਕ ’ਚ ਦਾਖਲ ਹੋ ਗਏ ਅਤੇ ਉੱਥੇ ਪਏ ਸਮਾਨ ਦੀ ਭੰਨਤੋੜ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ ਜਦੋਂ ਉਨ੍ਹਾਂ ਦੇ ਪਿਤਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬਚਾਅ ਲਈ ਕਲੀਨਿਕ ’ਚ ਪਈ ਸਪਰੇਅ ਦਾ ਛਿੜਕਾਅ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲੇ ਦੀ ਇਹ ਪੂਰੀ ਘਟਨਾ ਕਲੀਨਿਕ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਚੁੱਕੀ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਘਟਨਾ ਨੂੰ ਮਹੀਨੇ ਤੋਂ ਵੱਧ ਸਮਾਂ ਬੀਤ ਗਿਆ ਹੈ ਪਰ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਹਮਲਾਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਪੁਲਿਸ ਦੀ ਢਿੱਲੀ ਕਾਰਵਾਈ ਦਾ ਫਾਇਦਾ ਉਠਾ ਕੇ ਹਮਲਾਵਰ ਮੁੜ ਉਨ੍ਹਾਂ ’ਤੇ ਹਮਲਾ ਕਰ ਸਕਦੇ ਹਨ। ਉਨ੍ਹਾਂ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲੇ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ।
ਕੀ ਕਹਿੰਦੇ ਨੇ ਐਸਐਚਓ ਮਹਿਲ ਕਲਾਂ ਇਸ ਸਬੰਧੀ ਜਦੋਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੀ ਹੈ ।