ਵਿਧਾਇਕ ਨੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕੀਤੀ ਨਿੰਦਾ, ਅਧਿਕਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ; ਕਿਹਾ–ਡਾਂਗਾਂ ਨਾਲ ਕੁੱਟਣ ਦੀ ਬਜਾਏ ਮਸਲਾ ਹੱਲ ਕਰੇ ਸਰਕਾਰ
ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਦੀ ਖਾਤਰ ਸ਼ਾਂਤਮਈ ਧਰਨੇ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਆਵਾਜ਼ ਨੂੰ ਪੁਲਸੀਆ ਡੰਡੇ ਦੇ ਜ਼ੋਰ ’ਤੇ ਦਬਾਉਣ ਦੀ ਬਜਾਏ ਸਰਕਾਰ ਤੁਰੰਤ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ, ਨਹੀਂ ਤਾਂ ਸਫਾਈ ਕਰਮਚਾਰੀਆਂ ਦਾ ਮਾਮਲਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ ਕਿਉਂਕਿ ਪੰਜਾਬ ਕਾਂਗਰਸ ਸਫਾਈ ਕਰਮਚਾਰੀਆਂ ’ਤੇ ਤਸ਼ੱਦਦ ਦੀ ਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ।
Publish Date: Thu, 23 Jul 2026 12:52 PM (IST)
Updated Date: Thu, 23 Jul 2026 12:54 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਦੀ ਖਾਤਰ ਸ਼ਾਂਤਮਈ ਧਰਨੇ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਆਵਾਜ਼ ਨੂੰ ਪੁਲਸੀਆ ਡੰਡੇ ਦੇ ਜ਼ੋਰ ’ਤੇ ਦਬਾਉਣ ਦੀ ਬਜਾਏ ਸਰਕਾਰ ਤੁਰੰਤ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ, ਨਹੀਂ ਤਾਂ ਸਫਾਈ ਕਰਮਚਾਰੀਆਂ ਦਾ ਮਾਮਲਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ ਕਿਉਂਕਿ ਪੰਜਾਬ ਕਾਂਗਰਸ ਸਫਾਈ ਕਰਮਚਾਰੀਆਂ ’ਤੇ ਤਸ਼ੱਦਦ ਦੀ ਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਰਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ’ਤੇ ਕੀਤਾ ਲਾਠੀਚਾਰਜ ਅਤੀ ਨਿੰਦਣਯੋਗ ਘਟਨਾ ਹੈ ਅਤੇ ਇਹ ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਮਜ਼ਦੂਰ ਵਰਗ ਦੇ ਵਿਰੋਧੀ ਨੀਤੀ ਦਾ ਹੀ ਹਿੱਸਾ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਥਾਨਕ ‘ਆਪ’ ਆਗੂਆਂ ਨੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਲੌਲੀਪੋਪ ਦੇ ਕੇ ਵੋਟਾਂ ਲੈਣ ਦੀ ਖਾਤਰ ਧਰਨੇ ਤੋਂ ਉਠਾਇਆ ਸੀ ਅਤੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਮੰਗਾਂ ਪੂਰੀਆਂ ਕਰਨ ਦੀ ਬਜਾਏ ਇਨ੍ਹਾਂ ਸਫਾਈ ਕਰਮਚਾਰੀਆਂ ਦੇ ਸਿਰ ਪਾੜੇ ਜਾ ਰਹੇ ਹਨ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਸ਼ਹਿਰ ’ਚ ਕੂੜੇ ਦੇ ਵੱਡੇ-ਵੱਡੇ ਢੇਰ ਚੁੱਕੇ ਜਾਣੇ ਚਾਹੀਦੇ ਹਨ ਅਤੇ ਗਰਮੀ ਦੇ ਸੀਜ਼ਨ ਦੌਰਾਨ ਬਿਮਾਰੀਆਂ ਦੇ ਫੈਲਣ ਦੇ ਮੱਦੇਨਜ਼ਰ ਇਹ ਜ਼ਰੂਰੀ ਵੀ ਹੈ ਕਿ ਸ਼ਹਿਰ ’ਚੋਂ ਗੰਦਗੀ ਤੁਰੰਤ ਦੂਰ ਹੋਵੇ ਪਰ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਕੂੜੇ ਦੇ ਢੇਰ ਚੁੱਕੇ ਜਾਣ ਲਈ ਸਫਾਈ ਕਰਮਚਾਰੀਆਂ ਨੂੰ ਭਰੋਸੇ ’ਚ ਲਵੇ।
ਵਿਧਾਇਕ ਢਿੱਲੋਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਐਨੀਆਂ ਵੱਡੀਆਂ ਵੀ ਨਹੀਂ ਹਨ ਜਿਨ੍ਹਾਂ ਨੂੰ ਸਰਕਾਰ ਮੰਨ ਕੇ ਲਾਗੂ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖਰਚ ਕਰ ਸਕਦੀ ਹੈ ਪਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਵੱਲ ਧਿਆਨ ਨਹੀਂ ਦੇ ਰਹੀ ਕਿਉਂਕਿ ਇਸ਼ਤਿਹਾਰਬਾਜ਼ੀ ਦੇ ਪੈਸੇ ਨਾਲ ਸਫਾਈ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਸਫਾਈ ਕਰਮਚਾਰੀਆਂ ’ਚੋਂ ਬਹੁਤੇ ਕਰਮਚਾਰੀ ਸਿਰਫ਼ 10000 ਪ੍ਰਤੀ ਮਹੀਨਾ ਕੰਮ ਕਰ ਰਹੇ ਹਨ, ਜਦਕਿ 10000 ਰੁਪਏ ’ਚ 10 ਦਿਨ ਵੀ ਕੱਢਣੇ ਮੁਸ਼ਕਿਲ ਹਨ।
ਵਿਧਾਇਕ ਢਿੱਲੋਂ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਹੋਏ ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਸਫਾਈ ਕਰਮਚਾਰੀਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਫ਼ਾਈ ਕਰਮਚਾਰੀਆਂ ਨੂੰ ਕੁੱਟਣ ਦੀ ਬਜਾਏ ਉਨ੍ਹਾਂ ਨੂੰ ਭਰੋਸੇ ’ਚ ਲੈ ਕੇ ਕੂੜਾ ਚੁੱਕਣ ਦੀ ਨੀਤੀ ’ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਕਿਸੇ ਮੰਤਰੀ ਜਾਂ ਉੱਚ ਅਧਿਕਾਰੀ ਵੱਲੋਂ ਸਫਾਈ ਕਰਮਚਾਰੀਆਂ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਬਜਾਏ, ਡਾਂਗਾਂ ਦਿੱਤੀਆਂ ਜਾ ਰਹੀਆਂ ਹਨ।