- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੂਰੀ ’ਚ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਖੇਡ ਕੰਪਲੈਕਸ

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਵਿਖੇ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਹਾਕੀ ਐਸਟਰੋਟਰਫ ਮੈਦਾਨ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਵਿਖੇ 10 ਏਕੜ ਰਕਬੇ ਵਿੱਚ ਵਿਕਸਤ ਹੋਣ ਵਾਲਾ ਇਹ ਖੇਡ ਕੰਪਲੈਕਸ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਇੱਕੋ ਥਾਂ ’ਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਏਗਾ। ਇੱਥੇ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਵੱਖ-ਵੱਖ ਖੇਡਾਂ ਲਈ ਮੈਦਾਨ ਅਤੇ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਨਾਲ ਪੇਂਡੂ ਖੇਤਰਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਦੇ ਮੌਕੇ ਮਿਲਣਗੇ।
ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ 65 ਗੁਣਾ 41 ਮੀਟਰ ਦਾ ਬਹੁ-ਮੰਤਵੀ ਇਨਡੋਰ ਸਪੋਰਟਸ ਹਾਲ ਬਣਾਇਆ ਜਾ ਰਿਹਾ ਹੈ। ਇਸ ਦਾ ਲੱਗਭੱਗ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ 2027 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤੋਂ ਇਲਾਵਾ 5 ਕਰੋੜ ਰੁਪਏ ਦੀ ਲਾਗਤ ਨਾਲ 25 ਗੁਣਾਂ 15 ਮੀਟਰ ਦਾ ਆਧੁਨਿਕ ਸਵੀਮਿੰਗ ਪੂਲ ਅਤੇ ਪਵੇਲੀਅਨ ਬਣਾਇਆ ਜਾ ਰਿਹਾ ਹੈ, ਜੋ 30 ਜੂਨ 2027 ਤੱਕ ਤਿਆਰ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ 5.20 ਕਰੋੜ ਰੁਪਏ ਦੀ ਲਾਗਤ ਨਾਲ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਸਕੇਟਿੰਗ ਰਿੰਕ, ਲਾਅਨ ਟੈਨਿਸ ਕੋਰਟ ਅਤੇ ਖੋ-ਖੋ ਕੋਰਟ ਵੀ ਵਿਕਸਤ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੀਆਂ ਸਹੂਲਤਾਂ ਨੂੰ 30 ਜੂਨ 2027 ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਦੇ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ 400 ਮੀਟਰ ਦਾ ਸਿੰਥੈਟਿਕ ਐਥਲੈਟਿਕਸ ਟਰੈਕ ਬਣਾਇਆ ਜਾ ਰਿਹਾ ਹੈ। ਇਸ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 31 ਦਸੰਬਰ 2026 ਤੱਕ ਇਹ ਖਿਡਾਰੀਆਂ ਲਈ ਤਿਆਰ ਹੋ ਜਾਵੇਗਾ।
ਜਹਾਂਗੀਰ-ਕਹੇਰੂ ਵਿਖੇ ਹਾਕੀ ਐਸਟਰੋਟਰਫ ਮੈਦਾਨ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 94 ਗੁਣਾ 56 ਮੀਟਰ ਦੇ ਇਸ ਮੈਦਾਨ ਦੇ ਨਾਲ ਪਵੇਲੀਅਨ ਵੀ ਬਣਾਇਆ ਗਿਆ ਹੈ। ਹਾਕੀ ਪੰਜਾਬੀਆਂ ਦੀ ਰਵਾਇਤੀ ਖੇਡ ਹੈ ਅਤੇ ਇਹ ਖੇਡ ਉਨ੍ਹਾਂ ਦੀ ਪਛਾਣ ਨਾਲ ਜੁੜੀ ਹੋਈ ਹੈ। ਹੁਣ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮਿਲ ਸਕਣਗੀਆਂ।
ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਾਕੀ ਦੀ ਅਮੀਰ ਵਿਰਾਸਤ ਰਹੀ ਹੈ। ਭਾਰਤੀ ਹਾਕੀ ਟੀਮ ਦੇ 11 ਖਿਡਾਰੀਆਂ ਵਿੱਚੋਂ 9 ਪੰਜਾਬ ਨਾਲ ਸਬੰਧਤ ਹੋਣਾ ਸੂਬੇ ਦੀ ਖੇਡ ਪ੍ਰਤਿਭਾ ਅਤੇ ਹਾਕੀ ਪ੍ਰਤੀ ਜਨੂੰਨ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ 1744 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਰੱਖਿਆ ਹੈ। ਸੂਬੇ ਭਰ ਵਿੱਚ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 1700 ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ। ਓਲੰਪਿਕ ਤਮਗਾ ਜੇਤੂਆਂ ਨੂੰ ਇੱਕ ਕਰੋੜ ਤੋਂ ਤਿੰਨ ਕਰੋੜ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖਲਾਈ, ਵਿੱਤੀ ਸਹਾਇਤਾ ਅਤੇ ਤਮਗੇ ਜਿੱਤਣ 'ਤੇ ਸਰਕਾਰੀ ਨੌਕਰੀਆਂ ਦੇਣ ਦੀ ਦਿਸ਼ਾ ਵਿੱਚ ਵੀ ਸਰਕਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕੀਤੀ ਹੈ ਅਤੇ ਹੁਣ ਸਰਕਾਰ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਹਾਸਲ ਕਰਨ ਲਈ ਯਤਨ ਕਰ ਰਹੀ ਹੈ। ਇਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਹੋਰ ਮੌਕੇ ਮਿਲਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਉਪਲੱਬਧਤਾ ਵਧਣ ਕਾਰਨ ਕਿਸਾਨਾਂ ਨੂੰ ਸਵੇਰ ਸਮੇਂ ਬਿਜਲੀ ਮਿਲ ਰਹੀ ਹੈ ਅਤੇ ਖੇਤੀ ਉਤਪਾਦਨ ਵਿੱਚ ਲੱਗਭੱਗ 10 ਫ਼ੀਸਦੀ ਵਾਧਾ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਯਤਨਸ਼ੀਲ ਰਹੇਗੀ।