ਮੀਤ ਹੇਅਰ ਵੱਲੋਂ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਜਾਰੀ, ਮੈਰਿਟ ਦੇ ਆਧਾਰ 'ਤੇ ਦਿੱਤੀਆਂ 67 ਹਜ਼ਾਰ ਸਰਕਾਰੀ ਨੌਕਰੀਆਂ
ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
Publish Date: Sat, 01 Aug 2026 04:41 PM (IST)
Updated Date: Sat, 01 Aug 2026 04:48 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਆਪਣੇ ਦਫਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ।
ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ 67 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਇੰਨੀ ਵੱਡੀ ਗਿਣਤੀ ’ਚ ਰੈਗੂਲਰ ਨੌਕਰੀਆਂ ਨਹੀਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਤੇ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਸਰਕਾਰ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਔਰਤਾਂ ਦੀ ਵਿੱਤੀ ਅਤੇ ਸਮਾਜਿਕ ਖੁਸ਼ਹਾਲੀ ਲਈ ਇਤਿਹਾਸਿਕ ਕਦਮ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਰਹਿੰਦੇ ਲਾਭਪਾਤਰੀਆਂ ਲਈ ਅੱਜ ਪਹਿਲੀ ਅਗਸਤ ਨੂੰ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਵੱਧ ਹੈ ਅਤੇ ਇਸ ਬਾਬਤ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ।
ਇਸ ਮੌਕੇ ਮੇਅਰ ਨਗਰ ਨਿਗਮ ਬਰਨਾਲਾ ਹਸਨ ਭਾਰਦਵਾਜ, ਮਾਰਕੀਟ ਕਮੇਟੀ ਬਰਨਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਘੇੜਾ, ਸੀਡੀਪੀਓ ਬਰਨਾਲਾ ਅਰਵਿੰਦਰ ਸਿੰਘ ਭੱਟੀ ਤੇ ਹੋਰ ਪਤਵੰਤੇ ਮੌਜੂਦ ਸਨ।