- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਨੇ ਰਾਜਪਾਲ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ

- ਮੁੱਖ ਮੰਤਰੀ ਨਾਲ ਸਬੰਧਿਤ ਵਿਵਾਦਿਤ ਵੀਡੀਓ ਮਾਮਲੇ ’ਚ ਕਾਨੂੰਨੀ ਕਾਰਵਾਈ ਦੀ ਮੰਗ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕਰਨ ’ਤੇ ਮੁੱਖ ਮੰਤਰੀ ਨੇ ਵੀਡੀਓ ਝੂਠੀ ਦੱਸੀ ਸੀ
ਨਵਦੀਪ ਸੇਖਾ, ਪੰਜਾਬੀ ਜਾਗਰਣ
ਬਰਨਾਲਾ : ਅਕਾਲੀ ਦਲ ਵਾਰਿਸ ਪੰਜਾਬ ਜਥੇਬਦੀ ਦੀ ਜ਼ਿਲ੍ਹਾ ਇਕਾਈ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਸਬੰਧਿਤ ਵਿਵਾਦਿਤ ਵੀਡੀਓ ਮਾਮਲੇ ’ਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ, ਸੁਤੰਤਰ ਨਿਆਂਇਕ ਜਾਂਚ ਤੇ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀਸੀ ਬਰਨਾਲਾ ਰਾਹੀਂ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਗੂਆਂ ਐਡਵੋਕੇਟ ਗੁਰਿੰਦਰ ਸਿੰਘ ਗਿੰਦੀ ਆਦਿ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਇੱਕ ਵਿਵਾਦਿਤ ਵੀਡੀਓ ਸਾਹਮਣੇ ਪੀ ਸੀ, ਜਿਸ ’ਚ ਸਿੱਖ ਧਰਮ ਗੁਰੂ ਸਾਹਿਬਾਨ, ਸਤਿਕਾਰਯੋਗ ਮਹਾਪੁਰਸ਼ਾਂ ਦੇ ਧਾਰਮਿਕ ਪ੍ਰਤੀਕਾਂ ਪ੍ਰਤੀ ਅਪਮਾਨਜਨਕ ਵਿਵਹਾਰ ਕੀਤੇ ਮਾਣ ਦੇ ਗੰਭੀਰ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਵੱਲੋਂ ਇਸ ਵੀਡੀਓ ਨੂੰ ਪੂਰੀ ਤਰ੍ਹਾਂ ਝੂਠਾ, ਮਨਘੜਤ, ਐਡਿਟ ਕੀਤਾ ਹੋਇਆ ਤੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਦੱਸਿਆ ਗਿਆ ਸੀ ਤੇ ਇਸ ਦੀ ਪ੍ਰਮਾਣਿਕਤਾ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ ਸੀ। ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ ਵੱਖ-ਵੱਖ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਫੋਰੈਂਸਿਕ ਰਿਪੋਰਟਾਂ ਤੇ ਉਪਲਬਧ ਤੱਥਾਂ ਦੇ ਆਧਾਰ ’ਤੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕਰਵਾਇਆ ਜਾਵੇ। ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਰਾਜਨੀਤਿਕ, ਪ੍ਰਸ਼ਾਸਕੀ ਜਾਂ ਸਰਕਾਰੀ ਪ੍ਰਭਾਵ ਨੂੰ ਰੋਕਣ ਲਈ ਵਿਸ਼ੇਸ਼ ਨਿਗਰਾਨੀ ਪ੍ਰਬੰਧ ਕੀਤੇ ਜਾਣ। ਜਾਂਚ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਉੱਠ ਰਹੇ ਸਵਾਲਾਂ ਦਾ ਨਿਰਪੱਖ ਅਤੇ ਭਰੋਸੇਯੋਗ ਜਵਾਬ ਮਿਲ ਸਕੇ ਆਦਿ। ਇਸ ਮੌਕੇ ਵੱਡੀ ਗਿਣਤੀ ’ਚ ਜਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ।