- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਵਰਬ੍ਰਿਜ ਦੀ ਮੁਰੰਮਤ ਦੀ ਮੱਠੀ ਚਾਲ ਕਾਰਨ ਦੁਕਾਨਦਾਰਾਂ ਦਾ ਸਬਰ ਟੁੱਟਿਆ, ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬਰਨਾਲਾ ਬਠਿੰਡਾ ਐੱਨਐੱਚ ਤਪਾ ਮੰਡੀ ਕੋਲ ਬਣੇ ਓਵਰਬ੍ਰਿਜ ਦੀ ਮੁਰੰਮਤ ਦੇ ਕੰਮ ਦੀ ਧੀਮੀ ਚਾਲ ਹੋਣ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਰੰਮਤ ਦੇ ਕੰਮ ਵਿਚ ਹੋ ਰਹੀ ਦੇਰੀ ਤੋਂ ਨਾਰਾਜ਼ ਦੁਕਾਨਦਾਰਾਂ ਨੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਭੜਾਸ ਕੱਢੀ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਓਵਰਬ੍ਰਿਜ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਮੁਕੰਮਲ ਨਾ ਹੋਣ ਕਾਰਨ ਉਨ੍ਹਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਆਵਾਜਾਈ ਵਿਚ ਆ ਰਹੀਆਂ ਦਿੱਕਤਾਂ ਕਾਰਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਮੱਠੀ ਚਾਲ ਕਾਰਨ ਦੁਕਾਨਦਾਰਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ।ਰੋਸ ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਓਵਰਬ੍ਰਿਜ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਕੰਮ ਵਿਚ ਹੋ ਰਹੀ ਦੇਰੀ ਲਈ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।