- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਪਾਲ ਮੋਚਨ ਯਾਤਰਾ ’ਤੇ ਜਾ ਰਹੇ ਧਨੌਲਾ ਦੇ ਸ਼ਰਧਾਲੂਆਂ ਦੀ ਗੱਡੀ ਘਾਬਦਾਂ ਕੋਲ ਪਲਟੀ, 13 ਜਣੇ ਜ਼ਖ਼ਮੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਦੀ ਮਾਨਾ ਪੱਤੀ ਅਗਵਾੜ ਨਾਲ ਸਬੰਧਤ ਸ਼ਰਧਾਲੂਆਂ ਨਾਲ ਉਸ ਵੇਲੇ ਵੱਡਾ ਭਾਣਾ ਵਾਪਰ ਗਿਆ, ਜਦੋਂ ਪਵਿੱਤਰ ਅਸਥਾਨ ਕਪਾਲ ਮੋਚਨ ਦੀ ਯਾਤਰਾ ’ਤੇ ਜਾਂਦਿਆਂ ਉਨਾਂ ਦੀ ਗੱਡੀ ਘਾਬਦਾਂ ਨੇੜੇ ਹਾਦਸਾਗ੍ਰਸਤ ਹੋ ਕੇ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਗੱਡੀ ’ਚ ਸਵਾਰ ਘੱਟੋ-ਘੱਟ 13 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਪੀ ਸਿੰਘ ਨੇ ਦੱਸਿਆ ਕਿ ਮਾਨਾ ਪੱਤੀ ਅਗਵਾੜ ਦੇ ਵਸਨੀਕ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਪਾਲ ਮੋਚਨ ਦੀ ਯਾਤਰਾ ਲਈ ਰਵਾਨਾ ਹੋਏ ਸਨ। ਜਦੋਂ ਉਨ੍ਹਾਂ ਦੀ ਗੱਡੀ ਸੰਗਰੂਰ ਤੇ ਭਵਾਨੀਗੜ੍ਹ ਦੇ ਵਿਚਕਾਰ ਪਿੰਡ ਘਾਬਦਾਂ ਕੋਲ ਪੁੱਜੀ ਤਾਂ ਅਚਾਨਕ ਸੜਕ ’ਤੇ ਗੱਡੀ ਦੇ ਅੱਗੇ ਇੱਕ ਮੋਟਰਸਾਈਕਲ ਆ ਗਿਆ। ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਡਰਾਈਵਰ ਕੋਲੋਂ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ।
--ਚਾਰ ਦੀ ਹਾਲਤ ਨਾਜ਼ੁਕ, ਪੀ.ਜੀ.ਆਈ. ਰੈਫ਼ਰ
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਵਿੱਚ ਸਵਾਰ ਸ਼ਰਧਾਲੂਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਚਾਰ ਸ਼ਰਧਾਲੂਆਂ ਅਮਰਜੀਤ ਕੌਰ, ਕਰਮਜੀਤ ਕੌਰ, ਮਹਿੰਦਰ ਕੌਰ ਅਤੇ ਲਛਮਣ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਉਚੇਰੇ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲਾਂ ਵਿੱਚ ਚੱਲ ਰਿਹਾ ਹੈ।
--ਕੁਲਵੰਤ ਸਿੰਘ ਕੀਤੂ ਵੱਲੋਂ ਮਦਦ ਦਾ ਭਰੋਸਾ
ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਤੁਰੰਤ ਫ਼ੋਨ ਰਾਹੀਂ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ ਅਤੇ ਇਲਾਜ ਲਈ ਹਰ ਸੰਭਵ ਸਹਾਇਤਾ ਦੇਣ ਦਾ ਪੂਰਨ ਭਰੋਸਾ ਦਿਵਾਇਆ।