ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ
Publish Date: Sun, 22 Nov 2026 05:55 PM (IST)
Updated Date: Sun, 22 Nov 2026 05:58 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਕਾਰਜਕਾਰੀ ਸਿਵਲ ਸਰਜਨ ਡਾ. ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ ਦੀ ਅਗਵਾਈ ਅਧੀਨ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਵੱਲੋਂ ਬਲਾਕ ਅਧੀਨ ਪੋਲੀਓ ਬੂਥਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆ ਡਾ. ਸੰਜੇ ਕੁਮਾਰ ਨੇ ਦੱਸਿਆ ਕਿ ਬਲਾਕ ਅਧੀਨ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ 71 ਬੂਥਾਂ ‘ਤੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ 23 ਤੇ 24 ਨਵੰਬਰ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਤੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਚੈਕਿੰਗ ਦੌਰਾਨ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਬਲਾਕ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 5 ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਨਾਂ ਬੱਚਿਆਂ ਦੀ ਪਹਿਲਾਂ ਤੋਂ ਹੀ ਸ਼ਨਾਖਤ ਕਰ ਲਈ ਗਈ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਬਲਾਕ ਦੇ ਲਗਭਗ 11 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਪਲਸ ਪੋਲਿਓ ਮੁਹਿੰਮ ਨੂੰ ਨੇਪਰੇ ਚਾੜਣ ਲਈ 10 ਸੁਪਰਵਾਈਜ਼ਰਾਂ ਸਮੇਤ 268 ਵੈਕਸੀਨੇਟਰਾਂ ਨੂੰ ਲਗਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕਟਰ ਸ਼ਾਇਨ ਜਫਰ ਤੇ ਐਸ.ਆਈ. ਰਣਜੀਵ ਕੁਮਾਰ ਹਾਜ਼ਰ ਸਨ।