- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਤਾ ਦੀ ਮੌਤ ਦਾ ਇਨਸਾਫ਼ ਨਾ ਮਿਲਣ ਤੋਂ ਦੁਖੀ ਨੌਜਵਾਨ ਟਾਵਰ ’ਤੇ ਚੜ੍ਹਿਆ

: ਵਿਧਾਇਕ ਕਾਲਾ ਢਿੱਲੋਂ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਨਾਲ ਕੀਤੀ ਗੱਲਬਾਤ, ਪੁਲਿਸ ਜਾਂਚ ’ਤੇ ਉਠੇ ਸਵਾਲ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪਿਤਾ ਦੀ ਮੌਤ ਦੇ ਮਾਮਲੇ ’ਚ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ਤੋਂ ਦੁਖੀ ਇੱਕ ਨੌਜਵਾਨ ਵੱਲੋਂ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਜਵੰਧਾ ਪਿੰਡੀ ਵਿਖੇ ਟਾਵਰ ’ਤੇ ਚੜ੍ਹ ਜਾਣ ਕਾਰਨ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਧਨੌਲਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਉਤਾਰਨ ਲਈ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨ ਨੇ ਆਪਣੇ ਪਿਤਾ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਇਨਸਾਫ਼ ਦੀ ਮੰਗ ਕੀਤੀ।
--------
ਕੁਝ ਮਹੀਨੇ ਪਹਿਲਾਂ ਸੜਕ ਹਾਦਸੇ ਵਿੱਚ ਹੋਈ ਸੀ ਪਿਤਾ ਦੀ ਮੌਤ
ਟਾਵਰ ’ਤੇ ਚੜ੍ਹੇ ਨੌਜਵਾਨ ਇਕਬਾਲ ਸਿੰਘ ਰਾਜੂ ਪੁੱਤਰ ਬੇਅੰਤ ਸਿੰਘ ਨੇ ਦੱਸਿਆ ਕਿ 9 ਅਕਤੂਬਰ 2026 ਨੂੰ ਮੋਟਰਸਾਇਕਲ ’ਤੇ ਸਵਾਰ ਉਸ ਦੇ ਪਿਤਾ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਹੀ ਜ਼ਖ਼ਮੀ ਹਾਲਤ ਵਿੱਚ ਉਸ ਦੇ ਪਿਤਾ ਨੂੰ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖ਼ਲ ਕਰਵਾ ਕੇ ਚਲਾ ਗਿਆ ਸੀ। ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਬਲੀ ਰਾਮ ਪਾਂਡੇ ਵੱਲੋਂ ਕੀਤੀ ਜਾ ਰਹੀ ਹੈ। ਘਟਨਾ ਨੂੰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲਿਸ ਉਸ ਦੇ ਪਿਤਾ ਨੂੰ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਪਛਾਣ ਨਹੀਂ ਕਰ ਸਕੀ। ਉਸ ਨੇ ਕਿਹਾ ਕਿ ਹਾਦਸੇ ਵਾਲੀ ਥਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਪੁਲਿਸ ਵੱਲੋਂ ਢੰਗ ਨਾਲ ਚੈੱਕ ਨਹੀਂ ਕੀਤੀ ਗਈ। ਉਸ ਦਾ ਦਾਅਵਾ ਹੈ ਕਿ ਉਸ ਨੇ ਖੁਦ ਕੋਸ਼ਿਸ਼ ਕਰਕੇ ਸੀਸੀਟੀਵੀ ਵੀਡੀਓ ਅਤੇ ਸ਼ੱਕੀ ਵਿਅਕਤੀ ਦੀ ਪਛਾਣ ਨਾਲ ਸਬੰਧਤ ਫੋਟੋ ਵੀ ਪੁਲਿਸ ਨੂੰ ਮੁਹੱਈਆ ਕਰਵਾਈ ਸੀ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਸ ਨੇ ਕਿਹਾ ਕਿ ਇੱਕ ਪੁਲਿਸ ਮੁਲਾਜ਼ਮ ਵਲੋਂ ਵੀ ਉਸ ਨੂੰ ਭੱਦੀ ਸਬਦਾਵਲੀ ਦਾ ਪ੍ਰਯੋਗ ਕੀਤਾ ਗਿਆ ਹੈ ਜਿਸ ਕਾਰਨ ਉਸ ਦੇ ਮਨ ਨੂੰ ਠੇਸ ਪਹੁੰਚੀ ਹੈ।
----------
ਵਿਧਾਇਕ ਕਾਲਾ ਢਿੱਲੋਂ ਨੇ ਮੌਕੇ ’ਤੇ ਪਹੁੰਚ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਘਟਨਾ ਦੀ ਜਾਣਕਾਰੀ ਮਿਲਣ ’ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨੌਜਵਾਨ ਨਾਲ ਗੱਲਬਾਤ ਕਰਕੇ ਉਸ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਵਿੱਚ ਵੀ ਜਾਂਚ ਦੌਰਾਨ ਢਿੱਲ ਵਰਤੀ ਜਾ ਰਹੀ ਹੈ। ਇੱਕ ਪਾਸੇ ਪਰਿਵਾਰ ਦਾ ਮੈਂਬਰ ਪਹਿਲਾਂ ਹੀ ਦੁਨੀਆ ਤੋਂ ਚਲਾ ਗਿਆ ਹੈ ਅਤੇ ਦੂਜੇ ਪਾਸੇ ਇਨਸਾਫ਼ ਦੀ ਉਡੀਕ ਕਰ ਰਹੇ ਨੌਜਵਾਨ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਕੋਈ ਨੌਕਰੀ ਜਾਂ ਹੋਰ ਸਹੂਲਤ ਨਹੀਂ ਮੰਗ ਰਿਹਾ, ਸਗੋਂ ਆਪਣੇ ਮਰਹੂਮ ਪਿਤਾ ਦੀ ਮੌਤ ਦਾ ਇਨਸਾਫ਼ ਮੰਗ ਰਿਹਾ ਹੈ।
-------
: ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ : ਐੱਸਐੱਚਓ
ਇਸ ਸਬੰਧੀ ਜਦੋਂ ਥਾਣਾ ਧਨੌਲਾ ਦੇ ਮੁੱਖ ਅਫ਼ਸਰ ਸਾਹਿਬ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕਿਸੇ ਪੁਲਿਸ ਮੁਲਾਜ਼ਮ ਦੀ ਕਾਰਗੁਜ਼ਾਰੀ ਵਿੱਚ ਵੀ ਢਿੱਲ ਜਾਂ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।