
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲੋਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲੋਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਠੋਸ ਤੇ ਤਸੱਲੀਬਖ਼ਸ਼ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਯੂਨੀਅਨ ਵੱਲੋਂ ਜਾਰੀ ਪੱਤਰ ਅਨੁਸਾਰ 24 ਤੋਂ 28 ਅਗਸਤ ਤੱਕ ਵੱਖ-ਵੱਖ ਪੜਾਵਾਂ ’ਚ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਪੰਜਾਬ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮ ਪਹਿਲਾਂ ਹੀ ਹੜਤਾਲ ’ਤੇ ਹਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਯੂਨੀਅਨ ਨੇ ਦੱਸਿਆ ਕਿ ਸਿਹਤ ਮੰਤਰੀ ਨਾਲ 24 ਅਗਸਤ ਨੂੰ ਹੋਣ ਵਾਲੀ ਪੈਨਲ ਮੀਟਿੰਗ ਹੁਣ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ’ਚ ਰੋਸ ਹੋਰ ਵਧ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ ਪਰ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ’ਚ ਨਿਰਾਸ਼ਾ ਪੈਦਾ ਹੋਈ ਹੈ। ਯੂਨੀਅਨ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪੇਂਡੂ ਅਤੇ ਦੂਰ-ਦਰਾਜ਼ ਖੇਤਰਾਂ ’ਚ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ।