- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸੀ ਪਿਸਤੌਲ ਤੇ ਕਾਰਤੂਸਾਂ ਸਮੇਤ ਇਕ ਕਾਬੂ, ਸਾਥੀ ਫ਼ਰਾਰ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ
ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਦੇਸੀ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦਾ ਇੱਕ ਹੋਰ ਸਾਥੀ ਹਨ੍ਹੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਚੌਂਕੀ ਇੰਚਾਰਜ਼ ਏਐਸਆਈ ਗੁਰਸਿਰਮਨਜੀਤ ਸਿੰਘ ਦੀ ਟੀਮ ਦਰਜ ਕੀਤੇ ਮਾਮਲੇ ਅਨੁਸਾਰ 19 ਨਵੰਬਰ ਦੀ ਦੇਰ ਰਾਤ ਦਾਣਾ ਮੰਡੀ ਬਰਨਾਲਾ ਨੇੜੇ ਸ਼ਰਾਬ ਦੇ ਠੇਕੇ ਕੋਲ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਾਜਾਖਾਨਾ ਰੋਡ ਵੱਲੋਂ ਹੀਰੋ ਡੀਲਕਸ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਦੇ ਪਿੱਛੇ ਬੈਠਾ ਨੌਜਵਾਨ ਹਨੇਰੇ ਦਾ ਫਾਇਦਾ ਉਠਾ ਕੇ ਫ਼ਰਾਰ ਹੋ ਗਿਆ, ਜਦਕਿ ਮੋਟਰਸਾਈਕਲ ਚਾਲਕ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਜੋਂ ਹੋਈ। ਪੁਲਿਸ ਵੱਲੋਂ ਉਸ ਦੀ ਤਲਾਸ਼ੀ ਲੈਣ ’ਤੇ ਪੈਂਟ ਦੀ ਜੇਬ ’ਚੋਂ ਇੱਕ ਦੇਸੀ ਪਿਸਤੌਲ 315 ਬੋਰ ਬਰਾਮਦ ਹੋਇਆ। ਪਿਸਤੌਲ ਦੀ ਜਾਂਚ ਕਰਨ ’ਤੇ ਉਸ ਵਿੱਚੋਂ ਇੱਕ ਜ਼ਿੰਦਾ ਕਾਰਤੂਸ ਲੋਡ ਮਿਲਿਆ, ਜਦਕਿ ਪੈਂਟ ਦੀ ਦੂਜੀ ਜੇਬ ਵਿੱਚੋਂ ਇੱਕ ਹੋਰ ਜ਼ਿੰਦਾ ਕਾਰਤੂਸ 315 ਬੋਰ ਬਰਾਮਦ ਹੋਇਆ। ਪੁਲਿਸ ਨੇ ਬਰਾਮਦ ਅਸਲੇ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੌਕੇ ਤੋਂ ਫ਼ਰਾਰ ਹੋਏ ਨੌਜਵਾਨ ਦੀ ਪਛਾਣ ਗੁਰੀ ਵਾਸੀ ਬਰਨਾਲਾ ਵਜੋਂ ਹੋਈ ਹੈ, ਜਿਸ ਦੀ ਭਾਲ ਲਈ ਜਾਂਚ ਜਾਰੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।