ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 9,029 ਮੀਟ੍ਰਿਕ ਟਨ ਝੋਨੇ ਦੀ ਆਮਦ : ਡੀਐੱਮਓ
ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਤੇ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ।
Publish Date: Fri, 16 Oct 2026 07:35 PM (IST)
Updated Date: Fri, 16 Oct 2026 07:37 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਤੇ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ।
ਉਨ੍ਹਾਂ ਦੱਸਿਆ ਕਿ ਚੱਲ ਰਹੇ ਖ਼ਰੀਦ ਤੇ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। ਫ਼ਸਲ 'ਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣ ਨਾਲ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ 'ਚ ਮਦਦ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਫ਼ਸਲ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
7,884 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਮੁਕੰਮਲ : ਡੀਐੱਮਓ
ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਨੇ ਪੰਜਾਬੀ ਜਾਗਰਣ ਨਾਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ ਕੁੱਲ 9,029 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ 7,884 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਇਸ ਖ਼ਰੀਦ ਬਦਲੇ ਕਿਸਾਨਾਂ ਨੂੰ ਹੁਣ ਤੱਕ 16 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖ਼ਰੀਦ ਏਜੰਸੀ ਰਾਹੀਂ ਹੁਣ ਤੱਕ ਖਰੀਦਿਆ ਗਿਆ ਝੋਨਾ ਪਨਗ੍ਰੇਨ 3,125, ਪਨਸਪ 2,208, ਮਾਰਕਫੈੱਡ 1,626, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ 895 ਨਿੱਜੀ ਵਪਾਰੀ 30 ਮੀਟਰਿਕ ਟਨ ਹੈ।
ਲਿਫ਼ਟਿੰਗ ਤੇ ਮੰਡੀਆਂ ’ਚ ਇੰਤਜ਼ਾਮ ਸੁਚਾਰੂ ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ। ਮਾਰਕੀਟ ਕਮੇਟੀ ਬਰਨਾਲਾ, ਧਨੌਲਾ, ਮਹਿਲ ਕਲਾਂ, ਭਦੌੜ, ਤਪਾ ਮੰਡੀ ਤੇ ਹੰਡਿਆਇਆ ਆਦਿ ਦੇ ਕੱਚੇ-ਪੱਕੇ ਖ਼ਰੀਦ ਕੇਂਦਰਾਂ 'ਚ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਮੰਡੀ ਬੋਰਡ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੌਸਮ ਦੇ ਮਿਜ਼ਾਜ ਨੂੰ ਵੇਖਦਿਆਂ ਫ਼ਸਲ ਨੂੰ ਬਾਰਿਸ਼ ਤੇ ਪਾਣੀ ਤੋਂ ਬਚਾਉਣ ਲਈ ਵੀ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਮੰਡੀ ਅਫ਼ਸਰ ਸੁਭਾਸ਼ ਕੁਮਾਰ, ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸਮਨਪ੍ਰੀਤ ਸਿੰਘ, ਮਾਰਕੀਟ ਕਮੇਟੀ ਭਦੌੜ ਤੇ ਤਪਾ ਮੰਡੀ ਦੇ ਸਕੱਤਰ ਹਰਦੀਪ ਸਿੰਘ, ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਮਨਪ੍ਰੀਤ ਸਿੰਘ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਡੀਨਪਾਲ ਤੋਂ ਇਲਾਵਾ ਮਾਰਕੀਟ ਕਮੇਟੀਆਂ ਦੇ ਹੋਰ ਅਧਿਕਾਰੀ ਤੇ ਮੁਲਾਜ਼ਮ ਵੀ ਹਾਜ਼ਰ ਸਨ।