ਪੰਚਾਇਤਾਂ ਨੇ ਐਸਐਸਪੀ ਦਫਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ ਪੰਚਾਇਤਾਂ ਨੇ ਐਸਐਸਪੀ ਦਫਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ
Publish Date: Tue, 22 Sep 2026 05:27 PM (IST)
Updated Date: Wed, 23 Sep 2026 04:03 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਸੰਗਰੂਰ ਦੇ ਡੀਸੀ ਦਫ਼ਤਰ ਕੰਪਲੈਕਸ ਵਿੱਚ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਨਮੋਲ ਦੇ ਜਗਸੀਰ ਸਿੰਘ ਜੱਗਾ ਦਾ ਮਾਮਲਾ ਹੁਣ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੀਆਂ ਪੰਚਾਇਤਾਂ ਅਤੇ ਪੁਲਿਸ ਵਿਚਕਾਰ ਟਕਰਾਅ ਦਾ ਕਾਰਨ ਬਣ ਗਿਆ ਹੈ। ਜਗਸੀਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੀ ਸਰਪੰਚ ਦੇ ਦਿਓਰ ਅਤੇ ਬਲਾਕ ਸੰਮਤੀ ਮੈਂਬਰ ਸੁਖਵੀਰ ਸਿੰਘ ਖ਼ਿਲਾਫ਼ ਥਾਣਾ ਚੀਮਾ ਵਿੱਚ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਨਮੋਲ ਸਮੇਤ ਹੋਰ ਪੰਚਾਇਤਾਂ, ਪਿੰਡ ਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਸੰਘਰਸ਼ ਦੇ ਰਾਹ ’ਤੇ ਉਤਰ ਆਈਆਂ ਹਨ। ਮੰਗਲਵਾਰ ਨੂੰ ਸੁਨਾਮ ਬਲਾਕ ਦੀਆਂ ਕਰੀਬ ਦਰਜਨ ਭਰ ਪੰਚਾਇਤਾਂ ਦੇ ਸਰਪੰਚਾਂ ਸਮੇਤ ਪਿੰਡ ਵਾਸੀਆਂ ਨੇ ਪੁਲਿਸ ਲਾਈਨ ਸੰਗਰੂਰ ਸਥਿਤ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪਿੰਡਾਂ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੰਚਾਇਤਾਂ ਵੱਲੋਂ ਮਤੇ ਪਾਸ ਕੀਤੇ ਜਾ ਰਹੇ ਹਨ ਅਤੇ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ। ਪਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਵੱਲੋਂ ਸਰਪੰਚਾਂ ਅਤੇ ਪੰਚਾਇਤ ਨੁਮਾਇੰਦਿਆਂ ਖ਼ਿਲਾਫ਼ ਹੀ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਕੇਸ ਰੱਦ ਨਾ ਕੀਤਾ ਗਿਆ ਤਾਂ ਸਰਪੰਚਾਂ ਦੀ ਪੰਚਾਇਤ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਸਰਪੰਚਾਂ ਦੇ ਵਫ਼ਦ ਨੇ ਐੱਸਐੱਸਪੀ ਨਾਲ ਮੁਲਾਕਾਤ ਕੀਤੀ। ਪੁਲਿਸ ਅਧਿਕਾਰੀ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਨਮੋਲ ਦੇ ਸਰਪੰਚ ਬਾਬੂ ਸਿੰਘ, ਬਲਾਕ ਪ੍ਰਧਾਨ ਸਰਪੰਚ ਗੁਰਚਰਨ ਸਿੰਘ, ਖ਼ਜ਼ਾਨਚੀ ਸਰਪੰਚ ਲਖਵਿੰਦਰ ਸਿੰਘ ਮੀਰਪੁਰ, ਸਰਪੰਚ ਜਸਵੰਤ ਸਿੰਘ, ਕਿਸਾਨ ਯੂਨੀਅਨ ਆਗੂ ਹੈਪੀ ਸਿੰਘ ਅਤੇ ਧਰਮਪਾਲ ਸਿੰਘ ਨੇ ਦੋਸ਼ ਲਾਇਆ ਕਿ ਨਮੋਲ ਦੇ ਜਗਸੀਰ ਸਿੰਘ ਜੱਗਾ ਨਾਮਕ ਵਿਅਕਤੀ ’ਤੇ ਪਿੰਡ ਵਿੱਚ ਨਸ਼ਾ ਸਪਲਾਈ ਕਰਨ ਦੇ ਦੋਸ਼ ਹਨ ਅਤੇ ਉਸ ਖ਼ਿਲਾਫ਼ ਪਹਿਲਾਂ ਹੀ ਨੌਂ ਮਾਮਲੇ ਦਰਜ ਹਨ। ਉਕਤ ਵਿਅਕਤੀ ਨੇ ਡੀਸੀ ਦਫ਼ਤਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਇਸ ਤੋਂ ਬਾਅਦ ਥਾਣਾ ਚੀਮਾ ਦੇ ਐੱਸਐੱਚਓ ਵੱਲੋਂ ਪਿੰਡ ਨਮੋਲ ਦੇ ਬਲਾਕ ਕਮੇਟੀ ਮੈਂਬਰ ਸੁਖਵੀਰ ਸਿੰਘ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ। ਪੰਚਾਇਤ ਆਗੂਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਨਸ਼ਿਆਂ ਖ਼ਿਲਾਫ਼ ਪੰਚਾਇਤ ਵੱਲੋਂ ਬਕਾਇਦਾ ਮਤਾ ਪਾਸ ਕੀਤਾ ਗਿਆ ਹੈ। ਪਿੰਡ ਵਾਸੀਆਂ ਦੀ ਸੁਰੱਖਿਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਠੀਕਰੀ ਪਹਿਰੇ ਵੀ ਲਗਾਏ ਜਾ ਰਹੇ ਹਨ। ਇਸ ਦੇ ਬਾਵਜੂਦ ਜਦੋਂ ਪੰਚਾਇਤ ਨੁਮਾਇੰਦੇ ਨਸ਼ਾ ਤਸਕਰੀ ਰੋਕਣ ਲਈ ਅੱਗੇ ਆਉਂਦੇ ਹਨ ਤਾਂ ਕਥਿਤ ਤੌਰ ’ਤੇ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਨ੍ਹਾਂ ਘਟਨਾਵਾਂ ’ਤੇ ਨਕੇਲ ਕੱਸਣ ਦੀ ਬਜਾਏ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਕਮਜ਼ੋਰ ਕਰਨ ਅਤੇ ਪੰਚਾਇਤਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਮਾਮਲੇ ਦੀ ਪੂਰੀ ਜਾਂਚ-ਪੜਤਾਲ ਕੀਤੇ ਬਿਨਾਂ ਹੀ ਜਲਦਬਾਜ਼ੀ ਵਿੱਚ ਇਹ ਕੇਸ ਦਰਜ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਸ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਜਗਸੀਰ ਸਿੰਘ ਜੱਗਾ ਨੂੰ ਖੁਦਕੁਸ਼ੀ ਲਈ ਉਕਸਾਉਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਸਤਿਗੁਰ ਸਿੰਘ ਨਮੋਲ, ਸਰਪੰਚ ਸਤਿਗੁਰ ਸਿੰਘ ਸ਼ੇਰੋਂ, ਮੋਤਾ ਸਿੰਘ ਸਰਪੰਚ ਉਭਾਵਾਲ, ਸਰਪੰਚ ਧਰਮਪਾਲ ਸਿੰਘ ਤੁੰਗਾ, ਸਰਪੰਚ ਸਿੰਘਪੁਰਾ ਗੌਰਵਦੀਪ ਸਿੰਘ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ, ਸ਼ਾਹਪੁਰ ਦੇ ਸਰਪੰਚ ਲਖਵੀਰ ਸਿੰਘ, ਸਰਪੰਚ ਝਾੜੋ ਰਾਜ ਸਿੰਘ, ਸਰਪੰਚ ਜਗਮੀਰ ਸਿੰਘ, ਸਰਪੰਚ ਗੁਰਦੀਪ ਸਿੰਘ ਅਤੇ ਘਾਸੀਵਾਲ ਦੇ ਸਰਪੰਚ ਪ੍ਰੀਤਮ ਸਿੰਘ ਮੌਜੂਦ ਸਨ। ਦੂਜੇ ਪਾਸੇ, ਐਸਐਸਪੀ ਡਾ. ਰਵਜੋਤ ਗੇਵਾਲ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਪੜਤਾਲ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸਤੋ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।