- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਹੁਕਮਨਾਮੇ ਦੇ ਸੰਦੇਸ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਤਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਸੰਗਤ ਨੂੰ ਮੌਜੂਦਾ ਸਰਕਾਰ ਦੇ ਪੰਥ ਵਿਰੋਧੀ ਚਿਹਰੇ ਤੋਂ ਜਾਣੂ ਕਰਵਾਇਆ ਜਾ ਸਕੇ। ਇਸੇ ਕੜੀ ਤਹਿਤ ਹੁਣ ਸਮੁੱਚੇ ਪੰਥ ਦੀ ਰਾਏ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਇੱਕ ਮਹਾਨ ਇਕੱਤਰਤਾ ਸੱਦੀ ਗਈ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਤਰਤਾ ਬੁਲਾਈ ਗਈ ਹੈ। ਇਸ ਸੰਬੰਧ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਰਨਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨਾਲ ਇਕ ਵਿਸ਼ੇਸ਼ ਬੈਠਕ ਕੀਤੀ। ਇਸ ਅਹਿਮ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਐਲਾਨੇ ਜਾਣ ਦੇ ਸੰਬੰਧ ’ਚ ਪੈਦਾ ਹੋਈ ਮੌਜੂਦਾ ਸਥਿਤੀ 'ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ ਅਤੇ 5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਵਿਸ਼ੇਸ਼ ਪੰਥਕ ਇਕੱਤਰਤਾ ’ਚ ਸ਼ਾਮਲ ਹੋਣ ਲਈ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨੂੰ ਰਸਮੀ ਸੱਦਾ ਪੱਤਰ ਸੌਂਪਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਹੁਕਮਨਾਮੇ ਦੇ ਸੰਦੇਸ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਤਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਸੰਗਤ ਨੂੰ ਮੌਜੂਦਾ ਸਰਕਾਰ ਦੇ ਪੰਥ ਵਿਰੋਧੀ ਚਿਹਰੇ ਤੋਂ ਜਾਣੂ ਕਰਵਾਇਆ ਜਾ ਸਕੇ। ਇਸੇ ਕੜੀ ਤਹਿਤ ਹੁਣ ਸਮੁੱਚੇ ਪੰਥ ਦੀ ਰਾਏ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਇੱਕ ਮਹਾਨ ਇਕੱਤਰਤਾ ਸੱਦੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਿਰਮੌਰ ਹੈ। ਗੁਰੂ ਘਰ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 5 ਜੁਲਾਈ ਦਾ ਇਕੱਠ ਕੌਮ ਦੀ ਇਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ।
ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਤ ਸਮਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ’ਚੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ 5 ਜੁਲਾਈ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚਣ ਤਾਂ ਜੋ ਕੌਮ ਵਿਰੋਧੀ ਅਨਸਰਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ। ਬੈਠਕ ਦੌਰਾਨ ਮੌਜੂਦ ਸੰਤ ਹਾਕਮ ਸਿੰਘ ਅਤੇ ਸੰਤ ਰੇਸ਼ਮ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸਾਹਿਬਾਨ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ’ਤੇ ਪਹਿਰਾ ਦੇਣਾ ਸੰਤ ਸਮਾਜ ਦਾ ਮੁਢਲਾ ਫਰਜ਼ ਹੈ। ਉਨ੍ਹਾਂ 5 ਜੁਲਾਈ ਦੀ ਪੰਥਕ ਇਕੱਤਰਤਾ ’ਚ ਵੱਡੀ ਗਿਣਤੀ ’ਚ ਸਾਧੂ-ਸੰਤਾਂ ਅਤੇ ਸੰਗਤ ਸਮੇਤ ਸ਼ਮੂਲੀਅਤ ਕਰਨ ਦਾ ਪੂਰਨ ਵਿਸ਼ਵਾਸ ਦਿਵਾਇਆ। ਇਸ ਮੌਕੇ ਸੁਰਜੀਤ ਸਿੰਘ ਠੀਕਰੀਵਾਲਾ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਉਨ੍ਹਾਂ ਦੇ ਨਾਲ ਸਨ।