ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ’ਚ ਮੌਤ: 9 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼, ਹੁਣ ਲਾਸ਼ ਲਿਆਉਣ ਲਈ ਮਦਦ ਦੀ ਗੁਹਾਰ
ਸਰਕਾਰੀ ਖਰਚੇ 'ਤੇ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦਾ ਸਸਕਾਰ ਆਪਣੇ ਪਿੰਡ ਦੀ ਧਰਤੀ 'ਤੇ ਕਰ ਸਕਣ।
Publish Date: Mon, 19 Jan 2026 12:32 PM (IST)
Updated Date: Mon, 19 Jan 2026 12:33 PM (IST)
ਜਸਵੀਰ ਸਿੰਘ ਵਜੀਦਕੇ,ਪੰਜਾਬੀ ਜਾਗਰਣ ਮਹਿਲ ਕਲਾਂ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਇੱਕ ਗਰੀਬ ਕਿਸਾਨੀ ਪਰਿਵਾਰ ਦੇ ਇਕਲੌਤੇ ਪੁੱਤਰ ਰਾਜਪ੍ਰੀਤ ਸਿੰਘ (24) ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸੁਨਹਿਰੇ ਭਵਿੱਖ ਦੀ ਆਸ 'ਚ ਚੁੱਕਿਆ ਸੀ 18 ਲੱਖ ਦਾ ਕਰਜ਼ਾ
ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਸੁਨਹਿਰੇ ਭਵਿੱਖ ਦੀ ਆਸ ਵਿੱਚ ਅਪ੍ਰੈਲ 2024 ਵਿੱਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਉਸ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਿਆ ਸੀ। ਰਾਜਪ੍ਰੀਤ ਬਰੈਪਟਨ ਵਿੱਚ ਪੜ੍ਹਾਈ ਕਰ ਰਿਹਾ ਸੀ ਅਤੇ ਸਰੀ (Surrey) ਵਿੱਚ ਰਹਿ ਰਿਹਾ ਸੀ। ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਤੋਂ ਇੱਕ ਰਿਸ਼ਤੇਦਾਰ ਦਾ ਫੋਨ ਆਇਆ, ਜਿਸ ਨੇ ਰਾਜਪ੍ਰੀਤ ਦੀ ਮੌਤ ਦੀ ਖ਼ਬਰ ਦਿੱਤੀ।
ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਨਾਜ਼ੁਕ
ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ (ਘਨੌਰ) ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਰਾਜਪ੍ਰੀਤ ਦਾ ਪਿਤਾ ਕੁਲਵੰਤ ਸਿੰਘ ਇੱਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਬੜੀ ਮੁਸ਼ਕਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ। ਪਰਿਵਾਰ ਪਹਿਲਾਂ ਹੀ 18 ਲੱਖ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਹੁਣ ਉਨ੍ਹਾਂ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ।
ਸਰਕਾਰ ਨੂੰ ਮਦਦ ਦੀ ਅਪੀਲ
ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰੀ ਖਰਚੇ 'ਤੇ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦਾ ਸਸਕਾਰ ਆਪਣੇ ਪਿੰਡ ਦੀ ਧਰਤੀ 'ਤੇ ਕਰ ਸਕਣ।