- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹੌਰ - ਮਹਿਲ ਕਲਾਂ ਲਿੰਕ ਸੜਕ ’ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

- ਨਿਕਾਸੀ ਵਾਲਾ ਨਾਲਾ ਥਾਂ-ਥਾਂ ਤੋਂ ਟੁੱਟਿਆ, ਸੜਕ ਵੀ ਹੋਣ ਲੱਗੀ ਖਸਤਾ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪਿੰਡ ਸਹੌਰ ਤੋਂ ਮਹਿਲ ਕਲਾਂ ਨੂੰ ਜਾਂਦੀ ਲਿੰਕ ਸੜਕ ’ਤੇ ਗੰਦੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਕਾਰਨ ਸੜਕ ਉੱਪਰ ਪਾਣੀ ਇਕੱਠਾ ਹੋ ਕੇ ਛੱਪੜ ਦਾ ਰੂਪ ਧਾਰਨ ਕਰ ਗਿਆ ਹੈ। ਇਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਰੋਜ਼ਾਨਾ ਇਸ ਰਸਤੇ ਰਾਹੀਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸਹੌਰ ਤੋਂ ਮਹਿਲ ਕਲਾਂ ਵਿਚਕਾਰ ਲੰਘਦੀ ਡਰੇਨ ਤੱਕ ਪਾਣੀ ਪਹੁੰਚਾਉਣ ਵਾਸਤੇ ਨਾਲਾ ਬਣਾਇਆ ਗਿਆ ਸੀ, ਪਰ ਇਹ ਨਾਲਾ ਥਾਂ-ਥਾਂ ਤੋਂ ਟੁੱਟਿਆ ਹੋਣ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਆ ਰਹੀ ਹੈ। ਇਸ ਕਾਰਨ ਪਾਣੀ ਸੜਕ ਉੱਪਰ ਫੈਲ ਕੇ ਖੜ੍ਹਾ ਹੋ ਰਿਹਾ ਹੈ। ਗੰਦੇ ਪਾਣੀ ਦੇ ਲਗਾਤਾਰ ਜਮ੍ਹਾਂ ਰਹਿਣ ਕਾਰਨ ਸੜਕ ਦੀ ਹਾਲਤ ਵੀ ਖਸਤਾ ਹੋਣ ਲੱਗੀ ਹੈ ਅਤੇ ਕਈ ਥਾਵਾਂ ਤੋਂ ਸੜਕ ਟੁੱਟਣੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਵਿੱਚੋਂ ਉੱਠਣ ਵਾਲੀ ਬਦਬੂ ਅਤੇ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ ਕਾਰਨ ਆਸ-ਪਾਸ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਹੈ।
ਇਸ ਸਬੰਧੀ ਮੰਡੀ ਬੋਰਡ ਦੇ ਜੇਈ ਗੁਰਦਰਸ਼ਨ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਗਈ ਸੜਕ ਦੀ ਸਾਂਭ-ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤ ਨੂੰ ਪੱਤਰ ਜਾਰੀ ਕਰਕੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਕਰਨ ਲਈ ਹਦਾਇਤ ਕੀਤੀ ਜਾਵੇਗੀ। ਦੂਜੇ ਪਾਸੇ, ਪਿੰਡ ਸਹੌਰ ਦੇ ਸਰਪੰਚ ਲਖਬੀਰ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਕਈ ਵਾਰ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਜਾ ਚੁੱਕੀ ਹੈ, ਪਰ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਬੋਰੀਆਂ ਸੁੱਟ ਕੇ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਚਾਇਤ ਵੱਲੋਂ ਲੇਬਰ ਬੁਲਾ ਕੇ ਸੜਕ ਉੱਪਰ ਖੜ੍ਹੇ ਗੰਦੇ ਪਾਣੀ ਨੂੰ ਅੱਗੇ ਡਰੇਨ ਵਿੱਚ ਪਹੁੰਚਾਉਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਬਣੇ ਟੁੱਟੇ ਨਾਲੇ ਦੀ ਮੁਰੰਮਤ ਕਰਵਾਈ ਜਾਵੇ ਅਤੇ ਪਾਣੀ ਦੇ ਨਿਕਾਸ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਕੇ ਪੱਕਾ ਹੱਲ ਕੀਤਾ ਜਾਵੇ।