- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਟਰੋਲ/ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ ਲੋੜੀਂਦੀ ਮਾਤਰਾ ’ਚ ਉਪਲੱਬਧ: ਵਧੀਕ ਡਿਪਟੀ ਕਮਿਸ਼ਨਰ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਦੀ ਕਮੀ ਨਹੀਂ ਹੈ, ਇਸ ਲਈ ਵਰਤੋਂਕਾਰ ਨੂੰ ਕਿਸੇ ਵੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ। ਕੋਈ ਵੀ ਸਬੰਧਿਤ ਧਿਰ ਇਸ ਦੀ ਜਮ੍ਹਾਂਖੋਰੀ ਜਾਂ ਬਲੈਕ ਮਾਰਕੀਟਿੰਗ ਨਾ ਕਰੇ, ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਐਸੋਸੀਏਸ਼ਨ/ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਖਾੜੀ ਖੇਤਰ ਦੇ ਦੇਸ਼ਾਂ ਵਿਚ ਜੰਗੀ ਤਣਾਅ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਬਰਕਰਾਰ ਰੱਖਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਬਰਕਰਾਰ ਰੱਖਣ ਲਈ ਪੂਰੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਸੂਬੇ ਵਿੱਚ ਵਾਹਨਾਂ ਲਈ ਪੈਟਰੋਲ-ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਲੁੜੀਂਦੀ ਮਾਤਰਾ ਵਿਚ ਉਪਲੱਬਧ ਹੈ।
ਜ਼ਿਲ੍ਹਾ ਬਰਨਾਲਾ ਵਿਚ ਵੀ ਪੈਟਰੋਲ-ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਸਬੰਧੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਆਮ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਟਰੋਲ/ਡੀਜ਼ਲ ਅਤੇ ਘਰੇਲੂ ਗੈਸ ਮੁਹੱਈਆ ਕਰਵਾਈ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਬਲੈਕ ਮਾਰਕੀਟਿੰਗ ਨਾ ਕੀਤੀ ਜਾਵੇ, ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਦਾਂ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਗਈ ਕਿ ਪੈਟਰੋਲ/ਡੀਜ਼ਲ ਅਤੇ ਘਰੇਲੂ ਗੈਸ ਦੀ ਸਪਲਾਈ ਸਮੇਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਐਸੋਸੀਏਸ਼ਨ/ਮਾਲਕਾਂ ਨੂੰ ਪੇਸ਼ ਮੁਸ਼ਕਿਲਾਂ ਬਾਰੇ ਸੁਣਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈਜ਼ ਕੰਟਰੋਲਰ ਬਰਨਾਲਾ ਰੂਪਪ੍ਰੀਤ ਕੌਰ ਸੰਧੂ, ਜ਼ਿਲ੍ਹਾ ਕੋਆਡੀਨੇਟਰ ਇੰਡੀਅਨ ਆਇਲ ਕੰਪਨੀ, ਜ਼ਿਲ੍ਹਾ ਬਰਨਾਲਾ ਦੇ ਸਮੂਹ ਗੈਸ ਏਜੰਸੀ ਮਾਲਕ ਅਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਖੇਤਰਾਂ ਦੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਪੈਟਰੋਲ ਪੰਪ ਮਾਲਕ ਹਾਜ਼ਰ ਸਨ।