ਬਰਨਾਲਾ ਕਾਂਡ: ਪੁਲਿਸ ਤਸ਼ੱਦਦ ਵਿਰੁੱਧ ਗਰਮਾਈ ਸਿਆਸਤ, ਵਿਰੋਧੀ ਧਿਰਾਂ ਵੱਲੋਂ ਪੀੜਤ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਡਟ ਕੇ ਮੋਰਚਾਬੰਦੀ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਨਾਲ ਹੋਈ ਤਕਰਾਰ ਤੇ ਝੜਪ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ। ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਸਾਰੀਆਂ ਹੀ ਵਿਰੋਧੀ ਰਾਜਨੀਤਿਕ ਪਾਰਟੀਆਂ ਆਪਣੇ ਵੋਟ ਬੈਂਕ ਨੂੰ ਪੱਕਾ ਕਰਨ ਤੇ ਮੌਜੂਦਾ ਸਰਕਾਰ ਨੂੰ ਘੇਰਨ ਲਈ ਪੀੜਤਾਂ ਦੇ ਹੱਕ ’ਚ ਆ ਨਿੱਤਰੀਆਂ ਹਨ। ਸਫ਼ਾਈ ਸੇਵਕਾਂ ਦੀ ਹਮਦਰਦੀ ਹਾਸਲ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਸਿਰਕੱਢ ਆਗੂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ।
Publish Date: Wed, 29 Jul 2026 03:22 PM (IST)
Updated Date: Wed, 29 Jul 2026 03:24 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ’ਚ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਨਾਲ ਹੋਈ ਤਕਰਾਰ ਤੇ ਝੜਪ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ। ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਸਾਰੀਆਂ ਹੀ ਵਿਰੋਧੀ ਰਾਜਨੀਤਿਕ ਪਾਰਟੀਆਂ ਆਪਣੇ ਵੋਟ ਬੈਂਕ ਨੂੰ ਪੱਕਾ ਕਰਨ ਤੇ ਮੌਜੂਦਾ ਸਰਕਾਰ ਨੂੰ ਘੇਰਨ ਲਈ ਪੀੜਤਾਂ ਦੇ ਹੱਕ ’ਚ ਆ ਨਿੱਤਰੀਆਂ ਹਨ। ਸਫ਼ਾਈ ਸੇਵਕਾਂ ਦੀ ਹਮਦਰਦੀ ਹਾਸਲ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਸਿਰਕੱਢ ਆਗੂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ।
ਕਾਂਗਰਸ ਪਾਰਟੀ ਵੱਲੋਂ ਵੱਡਾ ਆਰਥਿਕ ਸਹਿਯੋਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀੜਤ ਸਫ਼ਾਈ ਕਰਮਚਾਰੀਆਂ ਦੀ ਮੱਦਦ ਲਈ 1 ਲੱਖ ਰੁਪਏ ਦੀ ਨਕਦ ਆਰਥਿਕ ਸਹਾਇਤਾ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਸਿਵਲ ਹਸਪਤਾਲ ’ਚ ਡਾਕਟਰੀ ਪ੍ਰਕਿਰਿਆ ਤੇ ਕਾਨੂੰਨੀ ਚਾਰਾਜੋਈ ’ਚ ਆ ਰਹੀਆਂ ਵਿੱਤੀ ਅੜਚਣਾਂ ਨੂੰ ਦੇਖਦਿਆਂ ਰਾਜਾ ਵੜਿੰਗ ਨੇ ਸਾਰਾ ਖਰਚਾ ਆਪ ਚੁੱਕਣ ਦਾ ਵਾਅਦਾ ਕੀਤਾ। ਜਖਮੀ ਸਫਾਈ ਸੇਵਕਾਂ ਕੋਲੇ ਹਾਂ ਦਾ ਨਾਰਾ ਮਾਰਨ ਲਈ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਸਮੁੱਚੇ ਜਿੱਤੇ-ਹਾਰੇ ਵਿਧਾਇਕਾਂ ਤੇ ਸਾਬਕਾ ਮੰਤਰੀਆਂ ਨੇ ਧਰਨੇ ’ਚ ਸ਼ਮੂਲੀਅਤ ਕੀਤੀ ਤੇ ਹਸਪਤਾਲ ਜਾ ਕੇ ਜ਼ਖਮੀਆਂ ਦੀ ਮਿਜ਼ਾਜਪੁਰਸੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਕਰਨ ਦਾ ਵਾਅਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ਬਰਨਾਲਾ ਦੇ ਵਿਹੜੇ ’ਚ ਚੱਲ ਰਹੇ ਰੋਸ ਧਰਨੇ ’ਚ ਸ਼ਿਰਕਤ ਕੀਤੀ। ਸਟੇਜ ਤੋਂ ਸੰਬੋਧਨ ਕਰਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸਾਰੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇਗਾ। ਬਾਅਦ ’ਚ ਸਿਵਲ ਹਸਪਤਾਲ ਪਹੁੰਚਕੇ ਉਨ੍ਹਾਂ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੋਸ਼ੀ ਅਧਿਕਾਰੀਆਂ 'ਤੇ ਕਾਨੂੰਨੀ ਕਾਰਵਾਈ ਕਰਵਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਭਾਜਪਾ ਵੱਲੋਂ ਆਪ ਸਰਕਾਰ 'ਤੇ ਤਿੱਖੇ ਨਿਸ਼ਾਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵੀ ਨਗਰ ਨਿਗਮ ਦੇ ਵਿਹੜੇ ’ਚ ਪ੍ਰਦਰਸ਼ਨਕਾਰੀਆਂ ਨਾਲ ਹਾਜ਼ਰੀ ਲਵਾਈ। ਉਨ੍ਹਾਂ ਨੇ ਹਸਪਤਾਲ ’ਚ ਜੇਰ-ਏ-ਇਲਾਜ ਜ਼ਖਮੀ ਸਫ਼ਾਈ ਕਰਮਚਾਰੀਆਂ ਨੂੰ 10-10 ਹਜ਼ਾਰ ਰੁਪਏ ਦੀ ਨਕਦ ਮੱਦਦ ਦਿੱਤੀ। ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸਫ਼ਾਈ ਸੇਵਕਾਂ ਨਾਲ ਧੱਕੇਸ਼ਾਹੀ ਕੀਤੀ ਹੈ ਤੇ ਭਾਜਪਾ ਸਰਕਾਰ ਬਣਨ 'ਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਬਸਪਾ ਵੱਲੋਂ ਦਲਿਤ ਭਾਈਚਾਰੇ ਨੂੰ ਲਾਮਬੰਦ ਹੋਣ ਦਾ ਹੋਕਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵੀ ਸਿਵਲ ਹਸਪਤਾਲ ਪਹੁੰਚ ਕੇ ਪੀੜਤਾਂ ਦਾ ਦਰਦ ਵੰਡਾਇਆ। ਪੁਲਿਸ ਤਸ਼ੱਦਦ ਦੀ ਨਿਖੇਧੀ ਕਰਦਿਆਂ ਉਨ੍ਹਾਂ ਆਪਣੇ ਦਲਿਤ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਅਗਾਮੀ ਚੋਣਾਂ ’ਚ ਬਸਪਾ ਦੀ ਸਰਕਾਰ ਬਣਾਉਣ ਦਾ ਹੋਕਾ ਦਿੱਤਾ। ਬਰਨਾਲਾ ਦਾ ਇਹ ਰੋਸ ਪ੍ਰਦਰਸ਼ਨ ਹੁਣ ਮਹਿਜ਼ ਇੱਕ ਸਥਾਨਕ ਘਟਨਾ ਨਹੀਂ ਰਿਹਾ, ਸਗੋਂ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਲਈ ਸਰਕਾਰ ਨੂੰ ਘੇਰਨ ਤੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦਾ ਵੱਡਾ ਜ਼ਰੀਆ ਬਣ ਗਿਆ ਹੈ।
ਰਾਸ਼ਟਰੀ ਤੇ ਰਾਜ ਕਮਿਸ਼ਨਾਂ ਵੱਲੋਂ ਮਾਮਲੇ ਦਾ ਘੋਖ ਪੜਤਾਲ ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਤੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ ਬੰਟੀ ਨੇ ਖੁਦ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਪੀੜਤਾਂ ਦਾ ਪੱਖ ਸੁਣ ਕੇ ਬਣਦੀ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਹੀ
ਦਿੱਲੀ ਸਫ਼ਾਈ ਕਰਮਚਾਰੀ ਕਮਿਸ਼ਨ ਤੋਂ ਆਏ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹਸਪਤਾਲ ਪੁੱਜ ਕੇ ਜ਼ਖਮੀਆਂ ਦੇ ਬਿਆਨ ਕਲਮਬੰਦ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ।