ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਕਚਹਿਰੀ ਚੌਕ ਵਿੱਚ ਧਰਨਾ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਕਚਹਿਰੀ ਚੌਕ ਵਿੱਚ ਧਰਨਾ
Publish Date: Mon, 19 Oct 2026 06:39 PM (IST)
Updated Date: Mon, 19 Oct 2026 06:42 PM (IST)
: ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਐੱਮਪੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਸੌਂਪੇ ਰੋਸ ਪੱਤਰ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਧਾਰਮਿਕ, ਸਮਾਜਿਕ, ਕਿਸਾਨ, ਮੁਲਾਜ਼ਮ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਬਰਨਾਲਾ ਦੇ ਕਚਹਿਰੀ ਚੌਕ ਵਿੱਚ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿੱਚ ਪਰਿਵਾਰ ਨੂੰ ਪੂਰਾ ਇਨਸਾਫ਼ ਦੇਣ ਦੀ ਮੰਗ ਕੀਤੀ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਵੀ ਸੌਂਪੇ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ, ਪਰ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਸਮੱਸਿਆ ਦਾ ਪੱਕਾ ਹੱਲ ਨਹੀਂ ਹੋ ਰਿਹਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਵੱਲੋਂ ਬੇਖ਼ੌਫ਼ ਹੋ ਕੇ ਅਪਰਾਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸੂਬਾ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਸੋਰੀ, ਤਜਿੰਦਰ ਸਿੰਘ ਸੋਨੀ ਜਾਗਲ, ਬੇਅੰਤ ਸਿੰਘ ਵਾਠ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਯਾਦਵਿੰਦਰ ਸਿੰਘ ਰਾਜਗੜ੍ਹ, ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਗੁਰਿੰਦਰਜੀਤ ਸਿੰਘ ਗਿੰਦੀ, ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਬਾਠ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।