ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਮੁਜ਼ਾਹਰਾ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ
Publish Date: Mon, 19 Oct 2026 06:36 PM (IST)
Updated Date: Mon, 19 Oct 2026 06:39 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਨਸ਼ੇ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਬਿਆਨ ਪੀੜਤ ਪਰਿਵਾਰ ਅਤੇ ਸੰਘਰਸ਼ ਕਰ ਰਹੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਹੀਂ ਹੈ ਤਾਂ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣ ਦੀ ਲੋੜ ਕਿਉਂ ਪਈ? ਬੁਲਾਰਿਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਕਾਰਵਾਈ ਕਰਨ ਦੀ ਬਜਾਏ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਸ਼ਵਨੀ ਸਮੇਤ ਕੁਝ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਪਰ ਉਨ੍ਹਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਵਾਲੇ ਲੋਕਾਂ ਅਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਿੰਥੈਟਿਕ ਨਸ਼ਿਆਂ ਦੀਆਂ ਫੈਕਟਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ। ਨਸ਼ਿਆਂ ਦੀ ਲਤ ਤੋਂ ਪੀੜਤ ਨੌਜਵਾਨਾਂ ਨੂੰ ਢੁਕਵਾਂ ਇਲਾਜ, ਪੌਸ਼ਟਿਕ ਖ਼ੁਰਾਕ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨਸ਼ਾ ਤਸਕਰਾਂ, ਸਿਆਸਤਦਾਨਾਂ, ਅਫ਼ਸਰਸ਼ਾਹੀ ਅਤੇ ਗੈਂਗਸਟਰਾਂ ਦੇ ਕਥਿਤ ਗੱਠਜੋੜ ਨੂੰ ਤੋੜਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਰਾਹੀਂ ਵੋਟਾਂ ਹਾਸਲ ਕਰਨ ਦੇ ਰੁਝਾਨ ਨੂੰ ਰੋਕਣ ਅਤੇ ਸ਼ਰਾਬ ਦੀ ਵਿਕਰੀ ਰਾਹੀਂ ਸਰਕਾਰੀ ਖ਼ਜ਼ਾਨਾ ਭਰਨ ਦੀ ਨੀਤੀ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਸਟੇਜ ਦੀ ਕਾਰਵਾਈ ਜਰਨੈਲ ਸਿੰਘ ਜਵੰਦਾ ਨੇ ਨਿਭਾਈ। ਪ੍ਰਦਰਸ਼ਨ ਦੌਰਾਨ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਦਰਸ਼ਨ ਸਿੰਘ ਭੈਣੀ, ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਰਾਮ ਸਿੰਘ ਸੰਘੇੜਾ, ਮਲਕੀਤ ਸਿੰਘ ਹੇੜੀਕੇ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਕੁਲਵਿੰਦਰ ਕੌਰ ਵਜੀਦਕੇ, ਮਨਜੀਤ ਕੌਰ ਕਾਨੇਕੇ ਅਤੇ ਨਵਦੀਪ ਕੌਰ ਪੰਜਗਰਾਈਂ ਸਮੇਤ ਹੋਰ ਆਗੂ ਹਾਜ਼ਰ ਸਨ।