ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਬੀਤੀ ਰਾਤ ਇੱਕ ਕਾਰ ਤੇ ਮੋਟਰਸਾਈਕਲ ਦੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਤੇ ਦੂਜੇ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏਐੱਸਆਈ ਹਰਜਿੰਦਰ ਸਿੰਘ ਨਿਹਾਲੂਵਾਲ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਕਾਰ ਜੋ ਕੇ ਬਰਨਾਲਾ ਸਾਈਡ ਤੋਂ ਲੁਧਿਆਣਾ ਨੂੰ ਜਾ ਰਹੀ ਸੀ ਦੂਜੇ ਪਾਸੇ ਮਹਿਲ ਕਲਾਂ ਸਾਈਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਵਿਅਕਤੀ ਬਰਨਾਲਾ ਸਾਈਡ ਨੂੰ ਆ ਰਹੇ ਸਨ। ਰਸਤੇ 'ਚ ਕਾਰ ਅਤੇ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ 'ਤੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਇਲਾਜ਼ ਲਈ ਸਿਵਲ ਹਸਪਤਾਲ ਬਰਨਾਲਾ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰ ਮ੍ਰਿਤਕ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸੰਘੇੜਾ ਅਤੇ ਗੰਭੀਰ ਰੂਪ 'ਚ ਜ਼ਖਮੀ ਬਲਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਸੰਘੇੜਾ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਨਾਮਾਲੂਮ ਵਿਅਕਤੀ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਪਰਚਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Posted By: Amita Verma