ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਰੈਲੀ 10 ਨੂੰ
ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ 10 ਜਨਵਰੀ ਨੂੰ ਸੰਗਰੂਰ ਰੈਲੀ
Publish Date: Wed, 07 Jan 2026 04:55 PM (IST)
Updated Date: Wed, 07 Jan 2026 04:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੇਂਦਰ ਸਰਕਾਰ ਦੀ ਮਨਰੇਗਾ ਵਿਰੋਧੀ ਨੀਤੀ ਦੇ ਖ਼ਿਲਾਫ਼ 10 ਜਨਵਰੀ ਨੂੰ ਦੁਪਹਿਰ 2 ਵਜੇ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ’ਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਰਕਰਾਂ ਤੇ ਮਨਰੇਗਾ ਮਜ਼ਦੂਰਾਂ ਵੱਲੋਂ ਕਾਫਲਿਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਵਿਭਾਗ ਦੇ ਚੇਅਰਮੈਨ ਜਸਮੇਲ ਸਿੰਘ ਡੇਅਰੀ ਵਾਲਾ ਨੇ ਪਿੰਡ ਸਹਿਜੜਾ, ਹਮੀਦੀ, ਵਜੀਦਕੇ ਕਲਾਂ, ਚਹਾਣਕੇ ਕਲਾਂ, ਚਹਾਣਕੇ ਖੁਰਦ, ਚੰਨਣਵਾਲ ਅਤੇ ਕੁਰੜ ਛਾਪਾ ਵਿਖੇ ਪਾਰਟੀ ਵਰਕਰਾਂ ਅਤੇ ਮਜ਼ਦੂਰਾਂ ਨਾਲ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਸੋਧ ਕਰ ਕੇ ਜੀ ਰਾਮ ਸਕੀਮ ਲਾਗੂ ਕਰਨਾ ਮਜ਼ਦੂਰ ਵਰਗ ਤੋਂ ਰੁਜ਼ਗਾਰ ਖੋਹਣ ਦੀ ਸਾਜ਼ਿਸ਼ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰ ਕੇ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਰੈਲੀ ਦਾ ਇਕੱਠ ਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਕੇ ਰੱਖ ਦੇਵੇਗਾ। ਡੇਆਰੀ ਵਾਲਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰਕੇ ਰੈਲੀ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਰੱਖਿਆ ਲਈ 10 ਜਨਵਰੀ ਨੂੰ ਕਾਫਲਿਆਂ ਸਮੇਤ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਗੁਰਮੇਲ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਵਿਸਾਖਾ ਸਿੰਘ, ਜਸਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਹੋਰ ਵਰਕਰ ਆਗੂ ਵੀ ਹਾਜ਼ਰ ਸਨ।