ਸਫ਼ਾਈ ਸੇਵਕਾਂ ਨੇ ਮੰਗਾਂ ਮਨਵਾਉਣ ਲਈ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ, ਕੀਤੀ ਨਾਅਰੇਬਾਜ਼ੀ ਸਫ਼ਾਈ ਸੇਵਕਾਂ ਨੇ ਮੰਗਾਂ ਮਨਵਾਉਣ ਲਈ ਸਰਕਾਰ ਖਿਲਾਫ ਖੋਲਿਆ ਮੋਰਚਾ, ਕੀਤੀ ਨਾਅਰੇਬਾਜ਼ੀ
Publish Date: Wed, 08 Jul 2026 04:04 PM (IST)
Updated Date: Wed, 08 Jul 2026 04:06 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ ਦਿੱਤਾ ਹੈ। ਜਿਸ ’ਤੇ ਮੰਗਾਂ ਤੋਂ ਨਿਰਾਸ਼ ਹੋਏ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ ਅਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ। ਜਦਕਿ ਪਿਛਲੇ ਮਹੀਨੇ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਸਮੇਂ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਇੱਕ ਮਹੀਨੇ ਦੇ ਅੰਦਰ-ਅੰਦਰ ਮੰਨ ਕੇ ਲਾਗੂ ਕੀਤਾ ਜਾਵੇਗਾ, ਪਰ ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕਦੀਆਂ ਪਈਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਫਿਰ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਹੋਵੇ ਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ’ਚ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਸਬੰਧੀ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ’ਚ ਪੂਰੀ ਤਨਖ਼ਾਹ ਤੇ ਹੋਰ ਸਹੂਲਤਾਂ ਜਾਰੀ ਰਹਿਣ। ਉਨ੍ਹਾਂ ਸੂਬਾ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਸਿਕੰਦਰ ਕੁਮਾਰ ਪ੍ਰਧਾਨ ਆਊਟ ਸੋਰਸ ਕੰਟਰੈਕਟ ਮੁਲਾਜ਼ਮ ਯੂਨੀਅਨ, ਰਾਜ ਕੁਮਾਰ ਰਾਜੂ, ਅਰਜਨ ਕਾਲੀ, ਅਜੇ ਕੁਮਾਰ, ਸ਼ਲਿੰਦਰ ਕੁਮਾਰ, ਸ਼ੰਮੀ ਕੁਮਾਰ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਸਚਿਨ, ਰਾਜਬੀਰ, ਗੀਤਾ ਰਾਣੀ ਸਰੋਜ ਰਾਣੀ, ਸੰਜੂ ਦੇਵੀ, ਆਸ਼ਾ ਰਾਣੀ ਆਦਿ ਵੱਡੀ ਗਿਣਤੀ ਚ ਸਫਾਈ ਸੇਵਕ ਮੌਜੂਦ ਸਨ।