ਖਾਤਿਆਂ 'ਚ ਆਈ 'ਸਤਿਕਾਰ ਯੋਜਨਾ' ਦੀ ਰਾਸ਼ੀ: ਪੰਜਾਬ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ, ਮੀਤ ਹੇਅਰ ਨੇ ਸਾਂਝੀ ਕੀਤੀ ਖ਼ੁਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ’ਚ ਆ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ
Publish Date: Thu, 02 Jul 2026 04:56 PM (IST)
Updated Date: Thu, 02 Jul 2026 04:57 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ’ਚ ਆ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ’ ਸ਼ੁਰੂ ਕੀਤੀ ਗਈ ਹੈ, ਜਦੋਂਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ।
ਯੋਜਨਾ ਦੇ ਲਾਗੂ ਹੋਣ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ’ਚ ਸਵਾ ਲੱਖ ਦੇ ਕਰੀਬ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਤੇ ਅੱਗੇ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਰਹੇਗੀ ਤੇ ਹਰ ਰਜਿਸਟਰਡ ਔਰਤ ਨੂੰ ਇਹ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਤੇ ਸੂਬਾ ਸਰਕਾਰ ਨੇ ਬਜਟ ’ਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਔਰਤਾਂ ਨੂੰ ਵਿੱਤੀ ਤੇ ਸਮਾਜਿਕ ਤੌਰ ਉੱਤੇ ਮਜ਼ਬੂਤ ਬਣਾਉਣ ਲਈ ਕਦਮ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਸਾਡੇ ਪਰਿਵਾਰਾਂ ਦਾ ਵਜੂਦ ਹਨ।
ਇਸ ਮੌਕੇ ਪਰਮਜੀਤ ਕੌਰ ਵਾਸੀ ਗੁਰਸੇਵਕ ਨਗਰ ਬਰਨਾਲਾ ਨੇ ਕਿਹਾ ਕਿ ਉਸਨੂੰ 4500 ਰੁਪਏ ਦੀ ਰਾਸ਼ੀ ਬੈਂਕ ਖਾਤੇ ’ਚ ਪ੍ਰਾਪਤ ਹੋ ਗਈ ਹੈ। ਉਨ੍ਹਾਂ ਇਹ ਸਕੀਮ ਲਾਗੂ ਹੋਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਰਾਸ਼ੀ ਲੋੜਵੰਦਾਂ ਔਰਤਾਂ ਲਈ ਬੜੀ ਸਹਾਈ ਹੈ ਤੇ ਉਹ ਆਪਣੀ ਲੋੜ ਅਨੁਸਾਰ ਇਹ ਪੈਸੇ ਖਰਚ ਸਕਣਗੀਆਂ। ਇਸ ਮੌਕੇ ਬਲਜੀਤ ਕੌਰ ਵਾਸੀ ਢਿੱਲੋਂ ਨਗਰ ਨੇ ਕਿਹਾ ਕਿ ਉਸਦੇ ਖਾਤੇ ’ਚ 3000 ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਪ੍ਰੇਮ ਨਗਰ ਬਰਨਾਲਾ ਵਾਸੀ ਹਰਬੰਸ ਕੌਰ ਨੇ ਕਿਹਾ ਕਿ ਓਸਨੂੰ ਵੀ 4500 ਰੁਪਏ ਦੀ ਰਾਸ਼ੀ ਕੱਲ ਬੈਂਕ ਖਾਤੇ ’ਚ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਔਰਤਾਂ ’ਚ ਇਸ ਸਕੀਮ ਦੇ ਲਾਗੂ ਹੋਣ ਨਾਲ ਖ਼ੁਸ਼ੀ ਦੀ ਲਹਿਰ ਹੈ।