v> ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਬਰਨਾਲਾ 'ਚ ਜਰੂਰਤਮੰਦਾਂ ਨੂੰ ਲੰਗਰ ਵੰਡਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਹਮਲੇ ਦੀ ਐੱਸਜੀਪੀਸੀ ਵਲੋਂ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਕਿਉਂਕਿ ਬਾਰ-ਬਾਰ ਅਫ਼ਗਾਨਿਸਤਾਨ 'ਚ ਰਹਿੰਦੇ ਸਿੱਖਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਕਾਬੁਲ 'ਚ ਬਣੇ ਸ਼੍ਰੀ ਗੁਰਦੁਆਰਾ ਸਾਹਿਬ 'ਚ ਸਿੱਖ ਸੰਗਤ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਲੇ ਦੀ ਅਰਦਾਸ ਕਰਨ ਆਈ ਸੀ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਜਿਸ 'ਚ 27 ਸਿੱਖਾਂ ਦੀ ਮੌਤ ਹੋ ਗਈ ਤੇ ਕਈ ਜਖ਼ਮੀ ਹੋ ਗਏ। ਉਨ੍ਹਾਂ ਮ੍ਰਿਤਕ ਪਰਿਵਾਰਾਂ ਨੂੰ ਐਸਜੀਪੀਸੀ ਵਲੋਂ 1-1 ਲੱਖ ਰੁਪਏ ਤੇ ਜਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ। ਉਨ੍ਹਾ ਕਿਹਾ ਕਿ ਜੇਕਰ ਉਨ੍ਹਾਂ ਦੇ ਬੱਚੇ-ਪੜ੍ਹੇ ਲਿਖੇ ਹਨ, ਤਾਂ ਉਨ੍ਹਾਂ ਨੂੰ ਰੁਜ਼ਗਾਰ ਵੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐਸਜੀਪੀਸੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸਾਬਕਾ ਡਿਪਟੀ ਡਾਇਰੈਕਟਰ ਗੁਰਪਾਲ ਸਿੰਘ ਦਰਦੀ ਤੇ ਹੋਰ ਵੀ ਹਾਜ਼ਰ ਸਨ।

Posted By: Rajnish Kaur