ਵਿਸ਼ੇਸ਼ ਗਹਿਰੀ ਸੁਧਾਈ : ਅੱਜ ਤੋਂ ਬੀਐੱਲਓ ਸ਼ੁਰੂ ਕਰਨਗੇ ਘਰ-ਘਰ ਗਣਨਾ : ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ
ਵਿਸ਼ੇਸ਼ ਗਹਿਰੀ ਸੁਧਾਈ: ਅੱਜ ਤੋਂ ਬੀ ਐਲ ਓ ਸ਼ੁਰੂ ਕਰਨਗੇ ਘਰ-ਘਰ ਗਣਨਾ: ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ
Publish Date: Wed, 24 Jun 2026 05:41 PM (IST)
Updated Date: Wed, 24 Jun 2026 05:43 PM (IST)

- ਜ਼ਿਲ੍ਹੇ ਦੇ 558 ਬੀਐੱਲਓਜ਼ ਘਰ-ਘਰ ਜਾ ਕੇ ਦੇਣਗੇ ਗਣਨਾ ਫਾਰਮ - ਐੱਸਆਈਆਰ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਸਬੰਧੀ ਜ਼ਿਲ੍ਹਾ ਬਰਨਾਲਾ ‘ਚ 25 ਜੂਨ ਭਲਕੇ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 558 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 03 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਇਸ ਇੱਕ ਮਹੀਨਾ ਚੱਲਣ ਵਾਲੀ ਪ੍ਰਕਿਰਿਆ ਦੌਰਾਨ ਕਿਸੇ ਕਾਰਨ ਫਾਰਮ ਭਰਨ ਤੋਂ ਵਾਂਝਾ ਰਹਿ ਜਾਂਦਾ ਹੈ, ਤਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਪ੍ਰਕਿਰਿਆ ਇਸ ਤੋਂ ਬਾਅਦ ਵੀ ਜਾਰੀ ਰਹੇਗੀ ਜਿਸ ਤਹਿਤ 03 ਅਗਸਤ ਤੋਂ 02 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਜਿਸ ਦੌਰਾਨ ਵੋਟਰ ਫਾਰਮ ਨੰਬਰ 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿਚੋਂ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੀ 2073 ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫਰੀ ਨੰਬਰ 1950 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ SIR ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਸੈੱਲ ਅਤੇ ਵਿਧਾਨਸਭਾ ਚੋਣ ਹਲਕਾ ਪੱਧਰ ਤੇ ਸ਼ਿਕਾਇਤ ਨਿਵਾਰਣ ਸੈੱਲ ਬਣਾਏ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐਸ, ਚੋਣ ਤਹਿਸੀਲਦਾਰ ਰਾਮ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ ਵੀ ਮੌਜੂਦ ਸਨ।