ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਵੱਲੋਂ ਮੁਜ਼ਾਹਰਾ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
Publish Date: Sat, 19 Sep 2026 05:35 PM (IST)
Updated Date: Sun, 20 Sep 2026 04:03 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਰਾਸ਼ਨ ਕਾਰਡ ਵੈਰੀਫਿਕੇਸ਼ਨ ਲਈ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਗੈਰ-ਵਿੱਦਿਅਕ ਡਿਊਟੀਆਂ ਦੇ ਵਿਰੋਧ ’ਚ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਲਗਾਤਾਰ ਤੀਜੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਸਕੂਲਾਂ ’ਚ ਇਨ੍ਹਾਂ ਡਿਊਟੀਆਂ ਸਬੰਧੀ ਜਾਰੀ ਕੀਤੇ ਨੋਟਿਸਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਅਧਿਆਪਕ ਆਗੂ ਨਰਿੰਦਰ ਸਹਿਣਾ, ਹਰਿੰਦਰ ਮੱਲ੍ਹੀ, ਰਾਜੀਵ ਕੁਮਾਰ, ਪਰਮਿੰਦਰ ਸਿੰਘ, ਜਸਵੀਰ ਸਿੰਘ ਬੀਹਲਾ, ਅਮਰਜੀਤ ਸਿੰਘ ਖ਼ਾਲਸਾ, ਪ੍ਰਦੀਪ ਕੁਮਾਰ , ਸੁਮਿਤ ਕੁਮਾਰ, ਮਾਲਵਿੰਦਰ ਸਿੰਘ, ਸੰਦੀਪ ਕੁਮਾਰ, ਨੇ ਕਿਹਾ ਕਿ ਲਗਾਤਾਰ ਗੈਰ-ਵਿੱਦਿਅਕ ਕੰਮਾਂ ’ਚ ਅਧਿਆਪਕਾਂ ਨੂੰ ਉਲਝਾਉਣ ਕਾਰਨ ਉਹ ਸਕੂਲਾਂ ਤੋਂ ਬਾਹਰ ਰਹਿਣ ਲਈ ਮਜਬੂਰ ਹੋ ਰਹੇ ਹਨ, ਜਿਸ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ। ਅਧਿਆਪਕਾਂ ਦਾ ਮੁੱਖ ਫਰਜ਼ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣਾ ਹੈ, ਪਰ ਵੱਖ-ਵੱਖ ਗੈਰ-ਵਿੱਦਿਅਕ ਕੰਮਾਂ ਦੀਆਂ ਜ਼ਿੰਮੇਵਾਰੀਆਂ ਕਾਰਨ ਵਿੱਦਿਅਕ ਕੰਮ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ 21 ਸਤੰਬਰ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਸਲੇ ਦਾ ਕੋਈ ਯੋਗ ਹੱਲ ਨਾ ਕੱਢਿਆ ਗਿਆ ਤਾਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਅਗਲੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।