ਮਨਰੇਗਾ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ; 39ਵੇਂ ਦਿਨ ਵੀ ਹੜਤਾਲ ਜਾਰੀ, ਮਹਿਲ ਕਲਾਂ 'ਚ ਜ਼ੋਰਦਾਰ ਨਾਅਰੇਬਾਜ਼ੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਨਰੇਗਾ ਮੁਲਾਜ਼ਮਾਂ ਨੂੰ ਮਰਜ਼ ਕਰਨ, ਸੇਵਾਵਾਂ ਰੈਗੂਲਰ ਕਰਨ ਤੇ ਅੱਠ ਮਹੀਨਿਆਂ ਦੀ ਬਕਾਇਆ ਤਨਖ਼ਾਹ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਚੱਲ ਰਹੀ ਕਲਮਛੋੜ ਹੜਤਾਲ 39ਵੇਂ ਦਿਨ ਵੀ ਜਾਰੀ ਰਹੀ। ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਸਮੁੱਚੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Publish Date: Wed, 08 Jul 2026 03:30 PM (IST)
Updated Date: Wed, 08 Jul 2026 03:32 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਨਰੇਗਾ ਮੁਲਾਜ਼ਮਾਂ ਨੂੰ ਮਰਜ਼ ਕਰਨ, ਸੇਵਾਵਾਂ ਰੈਗੂਲਰ ਕਰਨ ਤੇ ਅੱਠ ਮਹੀਨਿਆਂ ਦੀ ਬਕਾਇਆ ਤਨਖ਼ਾਹ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਚੱਲ ਰਹੀ ਕਲਮਛੋੜ ਹੜਤਾਲ 39ਵੇਂ ਦਿਨ ਵੀ ਜਾਰੀ ਰਹੀ। ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਸਮੁੱਚੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ, ਏਪੀਓ ਰਮਨਦੀਪ ਕੌਰ, ਜੇਈ ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਗਗਨਦੀਪ ਸਿੰਘ ਬਰਨਾਲਾ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ ਤੇ ਰਣਜੀਤ ਸਿੰਘ ਚੁਹਾਣਕੇ ਨੇ ਕਿਹਾ ਕਿ ਸਰਕਾਰ ਨਾਲ ਹੋਈ ਉੱਚ ਪੱਧਰੀ ਮੀਟਿੰਗ ਵੀ ਕਿਸੇ ਠੋਸ ਨਤੀਜੇ 'ਤੇ ਨਹੀਂ ਪਹੁੰਚੀ।
ਵਿਭਾਗ ਵਿੱਚ ਮਰਜ਼ ਕਰਨ ਦੀ ਮੁੱਖ ਮੰਗ 'ਤੇ ਸਰਕਾਰ ਵੱਲੋਂ ਕੋਈ ਸਕਾਰਾਤਮਕ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਨਿਰਾਸ਼ਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬਾ ਪੱਧਰ 'ਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ 'ਤੇ ਸਹਿਮਤੀ ਨਾ ਬਣਨ ਕਾਰਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮਰਜ਼, ਰੈਗੂਲਰ ਕਰਨ ਤੇ ਬਕਾਇਆ ਤਨਖ਼ਾਹਾਂ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਕਲਮਛੋੜ ਹੜਤਾਲ ਤੇ ਦਫ਼ਤਰੀ ਕੰਮਕਾਜ ਦਾ ਬਾਈਕਾਟ ਜਾਰੀ ਰਹੇਗਾ। ਯੂਨੀਅਨ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਜੁਲਾਈ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਦਕਿ 15 ਜੁਲਾਈ ਨੂੰ ਖੰਨਾ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਮਜਬੂਰ ਕੀਤਾ ਜਾਵੇਗਾ।