ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ, ਇਕ ਮੌਤ, ਚਾਰ ਜ਼ਖ਼ਮੀ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ
Publish Date: Sun, 01 Nov 2026 06:06 PM (IST)
Updated Date: Sun, 01 Nov 2026 06:08 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਨੇੜੇ ਵਾਪਰੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸੇ ਨੇ ਇੱਕ ਨੌਜਵਾਨ ਦੀ ਜ਼ਿੰਦਗੀ ਨੂੰ ਪਲਾਂ ਵਿੱਚ ਖ਼ਤਮ ਕਰ ਦਿੱਤਾ, ਜਦਕਿ ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਚਾਰ ਵਿਅਕਤੀ ਵੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਸੀ। ਜਦੋਂ ਬੱਸ ਪਿੰਡ ਗੰਗੋਹਰ ਨੇੜੇ ਪਹੁੰਚੀ ਤਾਂ ਲੁਧਿਆਣਾ ਵਾਲੇ ਪਾਸਿਓਂ ਬਰਨਾਲਾ ਵੱਲ ਆ ਰਹੀ ਇੱਕ ਕਾਰ ਨਾਲ ਉਸ ਦੀ ਸਿੱਧੀ ਅਤੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੱਸ ਦੇ ਹੇਠਾਂ ਜਾ ਵੜੀ ਅਤੇ ਟੱਕਰ ਤੋਂ ਬਾਅਦ ਦੋਵੇਂ ਵਾਹਨ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿੱਚ ਜਾ ਡਿੱਗੇ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਨੌਜਵਾਨ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਇਸ ਦਰਦਨਾਕ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਸ ਵਿੱਚ ਸਵਾਰ ਚਾਰ ਸਵਾਰੀਆਂ ਜ਼ਖ਼ਮੀ ਹੋ ਗਈਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਤੋਂ ਏਐੱਸਆਈ ਜਗਜੀਵਨ ਸਿੰਘ ਅਤੇ ਮੁਣਸ਼ੀ ਜਗਦੀਪ ਸਿੰਘ ਮੌਕੇ ’ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਵਾਸੀ ਫਤਿਆਵਾਦ (ਹਰਿਆਣਾ) ਵਜੋਂ ਹੋਈ ਹੈ ਤੇ ਹਾਦਸੇ ਦੀ ਖ਼ਬਰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਜ਼ਖ਼ਮੀ ਬੱਸ ਸਵਾਰਾਂ ਨੂੰ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਗਿਆ। ਪੁਲਿਸ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ।