ਦਿਨ-ਦਿਹਾੜੇ ਝਪਟਮਾਰੀ ਦੀਆਂ ਦੋ ਵਾਰਦਾਤਾਂ, ਮਾਂ-ਧੀ ਗੰਭੀਰ ਜ਼ਖ਼ਮੀ
ਪਿੰਡ ਛੀਨੀਵਾਲ ਕਲਾਂ ’ਚ ਦਿਨ ਦਿਹਾੜੇ ਝਪਟਮਾਰੀ ਦੀਆ ਦੋ ਵਾਰਦਾਤਾਂ ਲੋਕਾਂ ਦਹਿਸ਼ਤ, ਮਾਂ-ਧੀ ਗੰਭੀਰ ਜ਼ਖ਼ਮੀ
Publish Date: Wed, 07 Jan 2026 04:20 PM (IST)
Updated Date: Wed, 07 Jan 2026 04:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਖੇ ਦਿਨ-ਦਿਹਾੜੇ ਵਾਪਰੀਆਂ ਝਪਟਮਾਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਪਾਸੇ ਸਕੂਟਰੀ ਸਵਾਰ ਔਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ, ਤਾਂ ਦੂਜੇ ਪਾਸੇ ਲੋਕਾਂ ਵੱਲੋਂ ਇੱਕ ਝਪਟਮਾਰ ਨੂੰ ਕਾਬੂ ਵੀ ਕੀਤਾ ਗਿਆ। ਜਾਣਕਾਰੀ ਅਨੁਸਾਰ ਇੱਕ ਕਿਸਾਨ ਪਰਿਵਾਰ ਨਾਲ ਸੰਬੰਧਿਤ ਔਰਤ ਜਦੋਂ ਪਿੰਡ ਛੀਨੀਵਾਲ ਕਲਾਂ ਵਿਖੇ ਬੱਸ ਤੋਂ ਉਤਰ ਕੇ ਆਪਣੇ ਘਰ ਵੱਲ ਜਾ ਰਹੀ ਸੀ, ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਝਪਟ ਮਾਰ ਕੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ। ਔਰਤ ਵੱਲੋਂ ਤੁਰੰਤ ਰੌਲਾ ਪਾਉਣ ’ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਇੱਕ ਝਪਟਮਾਰ ਨੂੰ ਮੌਕੇ ’ਤੇ ਹੀ ਫੜ ਲਿਆ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।
ਫੜੇ ਗਏ ਵਿਅਕਤੀ ਨੂੰ ਥਾਣਾ ਮਹਿਲ ਕਲਾਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸੇ ਦਿਨ ਦੂਜੀ ਘਟਨਾ ਵਿੱਚ ਸੰਦੀਪ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ਤਾਜਪੁਰ ਰਾਏਕੋਟ, ਜੋ ਕਿ ਆਪਣੀ ਸੱਤਵੀਂ ਜਮਾਤ ਵਿੱਚ ਪੜ੍ਹਦੀ ਧੀ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਪਿੰਡ ਛੀਨੀਵਾਲ ਕਲਾਂ ਵਿਖੇ ਰਿਸ਼ਤੇਦਾਰਾਂ ਨੂੰ ਮਿਲਣ ਆਈ ਸੀ, ਵਾਪਸੀ ਸਮੇਂ ਲੁੱਟ ਦੀ ਕੋਸ਼ਿਸ਼ ਦਾ ਸ਼ਿਕਾਰ ਹੋ ਗਈ। ਜਦੋਂ ਮਾਂ-ਧੀ ਪਿੰਡ ਛੀਨੀਵਾਲ ਕਲਾਂ ਤੋਂ ਮਹਿਲ ਕਲਾਂ ਨੂੰ ਜਾਂਦੀ ਸੜਕ ਉੱਤੇ ਭੱਠੇ ਦੇ ਨੇੜੇ ਪਹੁੰਚੀਆਂ, ਤਾਂ ਮੋਟਰਸਾਈਕਲ ਸਵਾਰ ਦੋ ਝਪਟਮਾਰਾਂ ਨੇ ਉਨ੍ਹਾਂ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਕੂਟਰੀ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਸੰਦੀਪ ਕੌਰ ਦੀ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਉਸ ਦੀ ਨਾਬਾਲਿਗ ਧੀ ਦੀ ਲੱਤ ਟੁੱਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸੁਖਮਨੀ ਸੁਸਾਇਟੀ ਦੇ ਪ੍ਰਧਾਨ ਜਗਮੇਲ ਸਿੰਘ ਛੀਨੀਵਾਲ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀ ਮਾਂ-ਧੀ ਨੂੰ ਤੁਰੰਤ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਰਾਏਕੋਟ ਵਿਖੇ ਭਰਤੀ ਕਰਵਾਇਆ। ਦਿਨ-ਦਿਹਾੜੇ ਵਾਪਰੀਆਂ ਇਨ੍ਹਾਂ ਘਟਨਾਵਾਂ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਝਪਟਮਾਰੀ ਦੀਆਂ ਵਧਦੀਆਂ ਘਟਨਾਵਾਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।