- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੇਖਾ 'ਚ ਉਦਘਾਟਨੀ ਪੱਥਰ ਭੰਨਣ 'ਤੇ ਰੌਲਾ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸ਼ੁੱਕਰਵਾਰ ਸ਼ਾਮ ਨੂੰ ਬਰਨਾਲਾ ਹਲਕੇ ਦੇ ਪਿੰਡ ਸੇਖਾ ਵਿਖੇ ਪਾਣੀ ਵਾਲੀਆਂ ਪਾਈਪਾਂ ਦੇ ਉਦਘਾਟਨ ਤੋਂ ਪਹਿਲਾਂ ਹੀ ਉਦਘਾਟਨੀ ਪੱਥਰ ਭੰਨਣ ਕਰਕੇ ਪਿੰਡ ਦਾ ਮਾਹੌਲ ਗਰਮਾ ਗਿਆ ਤੇ ਤਣਾਅ ਵਾਲੀ ਸਥਿਤੀ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਾਜੈਕਟ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਨਾ ਸੀ। ਮਾਹੌਲ ਨੂੰ ਸ਼ਾਂਤ ਕਰਨ ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੀਤ ਹੇਅਰ ਖੁਦ ਆਪਣੇ ਕਾਫਲੇ ਸਣੇ ਪਿੰਡ ਸੇਖਾ ਪੁੱਜੇ।
--ਉਦਘਾਟਨ ਤੋਂ ਐਨ ਪਹਿਲਾਂ ਵਾਪਰੀ ਘਟਨਾ
ਪਿੰਡ ਦੇ ਸਰਪੰਚ ਦੇ ਭਰਾ ਜਗਤਾਰ ਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਵਿੱਚ ਪਾਣੀ ਵਾਲੀਆਂ ਪਾਈਪਾਂ ਪਾਉਣ ਦਾ ਕੰਮ ਪੂਰਾ ਹੋ ਚੁੱਕਾ ਸੀ ਅਤੇ 27 ਨਵੰਬਰ, ਸ਼ੁੱਕਰਵਾਰ ਨੂੰ ਇਸ ਦਾ ਉਦਘਾਟਨ ਰੱਖਿਆ ਗਿਆ ਸੀ। ਉਨ੍ਹਾਂ ਮੁਤਾਬਕ, ਉਦਘਾਟਨ ਹੋਣ ਤੋਂ ਕੁਝ ਚਿਰ ਪਹਿਲਾਂ ਹੀ ਕੁਝ ਸ਼ਰਾਰਤੀ ਅਨਸਰਾਂ ਨੇ ਉਦਘਾਟਨੀ ਪੱਥਰ ਤੋੜ ਦਿੱਤਾ ਅਤੇ ਇਸ ਦੀਆਂ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਕੇ ਵਾਇਰਲ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਪੁੱਜੇ ਐਮਪੀ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ‘ਆਪ’ ਦੇ ਹੋਰ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਮੌਕੇ ’ਤੇ ਜਾ ਕੇ ਹਾਲਾਤ ਦੇਖੇ ਅਤੇ ਪਿੰਡ ਵਾਸੀਆਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦਾ ਸੱਦਾ ਦਿੱਤਾ।
--ਉਦਘਾਟਨੀ ਪੱਥਰ ਭੰਨਣ ਵਾਲਿਆਂ ਖਿਲਾਫ਼ ਪ੍ਰਸ਼ਾਸਨ ਨੇ ਮੰਗੀ ਲਿਖਤੀ ਸ਼ਿਕਾਇਤ
ਜਦੋਂ ਇਸ ਮਾਮਲੇ ਬਾਰੇ ਡਿਪਟੀ ਕਮਿਸ਼ਨਰ ਬਰਨਾਲਾ ਅਭਿਜੀਤ ਕਪਲਿਸ਼ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਪਿੰਡ ਸੇਖਾ ਵਿਖੇ ਐਮਪੀ ਦੇ ਉਦਘਾਟਨੀ ਪੱਥਰ ਭੰਨਣ ਸਬੰਧੀ ਉਨ੍ਹਾਂ ਕੋਲ ਅਜੇ ਕੋਈ ਜਾਣਕਾਰੀ ਨਹੀਂ ਪਹੁੰਚੀ। ਦੂਜੇ ਪਾਸੇ, ਥਾਣਾ ਸਦਰ ਦੇ ਮੁਖੀ ਇੰਸਪੈਕਟਰ ਲਵਦੀਪ ਸਿੰਘ ਨੇ ਸੰਪਰਕ ਕਰਨ ’ਤੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਸ ਘਟਨਾ ਬਾਰੇ ਨਾ ਤਾਂ ਪਿੰਡ ਦੇ ਸਰਪੰਚ ਵੱਲੋਂ ਅਤੇ ਨਾ ਹੀ ਪਿੰਡ ਦੇ ਕਿਸੇ ਮੋਹਤਵਾਰ ਬੰਦੇ ਵੱਲੋਂ ਥਾਣੇ ਵਿੱਚ ਕੋਈ ਲਿਖਤੀ ਦਰਖਾਸਤ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤ ਜਾਂ ਆਮ ਆਦਮੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਥਾਣਾ ਸਦਰ ਵਿਖੇ ਲਿਖਤੀ ਸ਼ਿਕਾਇਤ ਦਿੰਦਾ ਹੈ, ਤਾਂ ਮਾਮਲੇ ਦੀ ਪੂਰੀ ਪੜਤਾਲ ਕੀਤੀ ਜਾਵੇਗੀ ਅਤੇ ਪੱਥਰ ਤੋੜਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।