ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਵੱਲੋਂ 10 ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਚੈਕਿੰਗ, 14 ਮੁਕੱਦਮੇ ਦਰਜ਼ ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਵੱਲੋਂ 10 ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਚੈਕਿੰਗ, 14 ਮੁਕੱਦਮੇ ਦਰਜ਼
Publish Date: Sun, 04 Oct 2026 05:28 PM (IST)
Updated Date: Mon, 05 Oct 2026 04:02 AM (IST)
: 327 ਗ੍ਰਾਮ ਨਸ਼ੀਲਾ ਪਾਊਡਰ, 200 ਨਸ਼ੀਲੀਆਂ ਗੋਲੀਆਂ ਅਤੇ 170 ਲੀਟਰ ਲਾਹਣ ਬਰਾਮਦ ਯਾਦਵਿੰਦਰ ਸਿੰਘ ਭੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਵੱਲੋਂ ਜ਼ਿਲ੍ਹੇ ਦੇ 10 ਵੱਖ-ਵੱਖ ਡਰੱਗ ਹੌਟਸਪੌਟਸ ਦੀ ਚੈਕਿੰਗ ਕੀਤੀ ਗਈ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਰਿਹਾਇਸ਼ੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। : ਲੱਗਭੱਗ 200 ਪੁਲਿਸ ਮੁਲਾਜ਼ਮ ਰਹੇ ਤਾਇਨਾਤ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਆਈਪੀਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਐੱਸਪੀ (ਇਨਵੈਸਟੀਗੇਸ਼ਨ) ਸੰਜੀਵ ਗੋਇਲ ਤੇ ਐੱਸਪੀ ਬਾਲ ਕ੍ਰਿਸ਼ਨ ਸਿੰਗਲਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਟੀਮ ਸਮੇਤ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਇਸ ਦੌਰਾਨ ਕਰੀਬ 200 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਗਈਆਂ ਵੀਡੀਸੀ ਕਮੇਟੀਆਂ ਨਾਲ ਪੁਲਿਸ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ‘ਸੇਫ਼ ਪੰਜਾਬ’ ਤਹਿਤ ਬਰਨਾਲਾ ਪੁਲਿਸ ਵੱਲੋਂ ਜਾਰੀ ਡਰੱਗ ਹੈਲਪਲਾਈਨ ਨੰਬਰ ’ਤੇ ਕੋਈ ਵੀ ਵਿਅਕਤੀ ਨਸ਼ਿਆਂ ਦੀ ਵਿਕਰੀ ਜਾਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇ ਸਕਦਾ ਹੈ। ਉ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਦੇ ਨਸ਼ਿਆਂ ਖ਼ਿਲਾਫ਼ ਜਾਣਕਾਰੀ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ। : 14 ਮੁਕੱਦਮੇ ਦਰਜ, 33 ਵਿਅਕਤੀ ਗ੍ਰਿਫ਼ਤਾਰ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੁੱਲ 14 ਮੁਕੱਦਮੇ ਦਰਜ ਕੀਤੇ ਗਏ। ਐਨ.ਡੀ.ਪੀ.ਐੱਸ. ਐਕਟ ਤਹਿਤ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਲੋਕਲ ਐਂਡ ਸਪੈਸ਼ਲ ਲਾਅ ਅਤੇ ਬੀਐੱਨਐੱਸ ਤਹਿਤ 3 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ 13 ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਵੀ ਕੀਤੀ ਗਈ। : ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 327 ਗ੍ਰਾਮ ਨਸ਼ੀਲਾ ਪਾਊਡਰ, 200 ਨਸ਼ੀਲੀਆਂ ਗੋਲੀਆਂ ਅਤੇ 170 ਲੀਟਰ ਲਾਹਣ ਬਰਾਮਦ ਕੀਤੀ। ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।