ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸਾਨ ਵਾਰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸਾਨ ਵਾਰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
Publish Date: Mon, 05 Oct 2026 05:47 PM (IST)
Updated Date: Tue, 06 Oct 2026 04:05 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਵਾਰਡ ਨੰਬਰ 25 ਦੇ ਸ਼ਹੀਦ ਭਗਤ ਸਿੰਘ ਨਗਰ ਦੀ ਗਲੀ ਨੰਬਰ 4 ’ਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮੱਸਿਆ ਦਾ ਪੱਕਾ ਹੱਲ ਨਾ ਹੋਣ ਤੋਂ ਖਫ਼ਾ ਲੋਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ। ਇਸ ਮੌਕੇ ਸੁਖਦੀਪ ਸਿੰਘ, ਐਡਵੋਕੇਟ ਸੁਖਵਿੰਦਰ, ਪਰਮਜੀਤ, ਧਰਮਪ੍ਰੀਤ ਸਿੰਘ, ਅਵਤਾਰ ਸਿੰਘ, ਭੂਰਾ ਸਿੰਘ, ਦਲੀਪ ਸਿੰਘ, ਸੁਖਦੀਪ ਸਿੰਘ, ਜਸਪ੍ਰੀਤ ਸਿੰਘ, ਅਸ਼ੋਕ ਕੁਮਾਰ ਆਦਿ ਵਾਰਡ ਵਾਸੀਆਂ ਨੇ ਦੱਸਿਆ ਕਿ ਗਲੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਲੰਬੇ ਸਮੇਂ ਤੋਂ ਖੜ੍ਹਾ ਹੈ, ਜਿਸ ਕਾਰਨ ਬਦਬੂ ਅਤੇ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਾਰ-ਵਾਰ ਵਾਰਡ ਦੇ ਐਮਸੀ ਨੂੰ ਜਾਣੂ ਕਰਵਾਇਆ ਗਿਆ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਵੱਲੋਂ ਨਗਰ ਨਿਗਮ ਦੇ ਮੇਅਰ ਨੂੰ ਵੀ ਵਟਸਐਪ ਰਾਹੀਂ ਗਲੀ ’ਚ ਖੜ੍ਹੇ ਸੀਵਰੇਜ ਦੇ ਪਾਣੀ ਦੀਆਂ ਤਸਵੀਰਾਂ ਭੇਜ ਕੇ ਸਮੱਸਿਆ ਦਾ ਹੱਲ ਕਰਵਾਉਣ ਦੀ ਗੁਹਾਰ ਲਗਾਈ ਗਈ ਸੀ। ਇਸ ਦੇ ਬਾਵਜੂਦ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਉੱਪਲ ਨੂੰ ਮੌਕੇ ’ਤੇ ਬੁਲਾ ਕੇ ਆਪਣੀ ਸਮੱਸਿਆ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸੀਵਰੇਜ ਦੇ ਖੜ੍ਹੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਵਾਰਡ ਵਾਸੀਆਂ ਨੇ ਮੰਗ ਕੀਤੀ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਤੁਰੰਤ ਮੌਕੇ ਦਾ ਦੌਰਾ ਕਰਕੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਨ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।