ਪਾਵਰਕੌਮ–ਟਰਾਂਸਕੋ ਪੈਨਸ਼ਨ ਯੂਨੀਅਨ ਦੀ ਮਹਿਲ ਕਲਾਂ ’ਚ ਮੀਟਿੰਗ, ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਰੇਬਾਜ਼ੀ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਦੀ ਮਹਿਲ ਕਲਾਂ ਅਤੇ ਠੁੱਲੀਵਾਲ ਡਿਵੀਜ਼ਨ ਵੱਲੋਂ ਅਨਾਜ ਮੰਡੀ ਮਹਿਲ ਕਲਾਂ ’ਚ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਡੀ ਪੈਨਸ਼ਨਰ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੈਨਸ਼ਨਰਾਂ ਵੱਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ਬਰਦਸਤ ਨਾਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ, ਸੂਬਾ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਪੰਡੋਰੀ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਸ਼ਹਿਰੀ ਮੰਡਲ ਬਰਨਾਲਾ ਦੇ ਸਕੱਤਰ ਸੁਖਦੇਵ ਸਿੰਘ ਜਲੂਰ, ਸਰਕਲ ਪ੍ਰਧਾਨ ਹਰਭੋਲ ਸਿੰਘ ਠੀਕਰੀਵਾਲ, ਮੀਤ ਪ੍ਰਧਾਨ ਬਿਕਰ ਸਿੰਘ ਛੀਨੀਵਾਲ ਅਤੇ ਡਿਵੀਜ਼ਨ ਮਹਿਲ ਕਲਾਂ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਕਲਾਲ ਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜਟ ’ਚ ਪੰਜਾਬ ਦੀ ਭਲਾਈ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਦੇ ਹੱਕਾਂ ਲਈ ਕੇਂਦਰ ਕੋਲ ਪੱਕੇ ਤੌਰ ’ਤੇ ਮੁੱਦੇ ਨਹੀਂ ਉਠਾਏ ਗਏ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਦਿਆਂ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਮਜ਼ਦੂਰ ਵਰਗ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ’ਤੇ ਆਰਥਿਕ ਬੋਝ ਵੱਧੇਗਾ ਅਤੇ ਭਵਿੱਖ ’ਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਬੋਰਡ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਵੇਚੀਆਂ ਜਾ ਰਹੀਆਂ ਹਨ, ਜਿਸਨੂੰ ਜਥੇਬੰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਆਗੂਆਂ ਨੇ 12 ਫਰਵਰੀ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਉਂਦਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਮਹਿੰਗਾਈ ਭੱਤੇ ਦੀਆਂ 16 ਫੀਸਦੀ ਬਕਾਇਆ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ, ਏਰੀਅਰਾਂ ਦੀ ਬਕਾਇਆ ਰਕਮ ਦਿੱਤੀ ਜਾਵੇ, ਵਿਕਾਸ ਫੰਡ ਦੀ ਕਟੌਤੀ ਬੰਦ ਕੀਤੀ ਜਾਵੇ ਅਤੇ 23 ਸਾਲਾ ਸਕੇਲ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪੈਨਸ਼ਨਰਾਂ ਨੂੰ ਨਾਲ ਲੈ ਕੇ ਹੋਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਸ਼ਮਸ਼ੇਰ ਸਿੰਘ ਹਮੀਦੀ, ਸੁਖਦੇਵ ਸਿੰਘ ਗੁਰਮ, ਸੁਰਜੀਤ ਸਿੰਘ ਖਿਆਲੀ, ਹਰਬੰਸ ਸਿੰਘ ਬਾਜਵਾ ਹਮੀਦੀ, ਚਮਕੌਰ ਸਿੰਘ ਧਲੇਰ, ਹਰਮੇਲ ਸਿੰਘ ਗੋਬਿੰਦਗੜ੍ਹ, ਦਰਬਾਰਾ ਸਿੰਘ ਹਮੀਦੀ ਸਮੇਤ ਹੋਰ ਵਰਕਰ ਅਤੇ ਪੈਨਸ਼ਨਰ ਹਾਜ਼ਰ ਸਨ।