- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ’ਚ 26 ਦਸੰਬਰ ਨੂੰ ਅਚਾਨਕ ਮੌਤ ਦਾ ਸ਼ਿਕਾਰ ਹੋਏ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਬਲਤੇਜ ਸਿੰਘ (24) ਦੀ ਲਾਸ਼ 23 ਜਨਵਰੀ ਨੂੰ ਉਸਦੇ ਜੱਦੀ ਪਿੰਡ ਛੀਨੀਵਾਲ ਕਲਾਂ ਪੁੱਜੀ, ਜਿੱਥੇ ਗਮਗੀਨ ਮਾਹੌਲ ‘ਚ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਹੰਜੂਆਂ ਭਰੀ ਵਿਦਾਇਗੀ ਦਿੱਤੀ ਗਈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕੈਨੇਡਾ ’ਚ 26 ਦਸੰਬਰ ਨੂੰ ਅਚਾਨਕ ਮੌਤ ਦਾ ਸ਼ਿਕਾਰ ਹੋਏ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਬਲਤੇਜ ਸਿੰਘ (24) ਦੀ ਲਾਸ਼ 23 ਜਨਵਰੀ ਨੂੰ ਉਸਦੇ ਜੱਦੀ ਪਿੰਡ ਛੀਨੀਵਾਲ ਕਲਾਂ ਪੁੱਜੀ, ਜਿੱਥੇ ਗਮਗੀਨ ਮਾਹੌਲ ‘ਚ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਹੰਜੂਆਂ ਭਰੀ ਵਿਦਾਇਗੀ ਦਿੱਤੀ ਗਈ। ਲਾਸ਼ ਪਿੰਡ ਪਹੁੰਚਣ ਨਾਲ ਹੀ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਪਰਿਵਾਰਿਕ ਮੈਂਬਰਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸਾਂਝੇ ਯਤਨਾਂ ਸਦਕਾ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣਾ ਸੰਭਵ ਹੋ ਸਕਿਆ।ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਪਰਮਿੰਦਰ ਕੌਰ ਨੇ ਦੱਸਿਆ ਕਿ ਬਲਤੇਜ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਜੋ ਬਾਰਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਆਈਲਟਸ ਕਰਕੇ ਕਰੀਬ ਦੋ ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। 26 ਦਸੰਬਰ ਨੂੰ ਉਹ ਆਪਣੇ ਕਮਰੇ ਵਿੱਚ ਨੀਂਦ ਦੌਰਾਨ ਬੇਹੋਸ਼ ਮਿਲਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ।
ਇਸ ਮੌਕੇ ਸਾਬਕਾ ਸਰਪੰਚ ਨਿਰਮਲ ਸਿੰਘ ਨਿਮਾ ਨੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀ ਅੰਤਿਮ ਵਿਦਾਇਗੀ ਜੱਦੀ ਪਿੰਡ ਦੀ ਧਰਤੀ ’ਤੇ ਕਰ ਸਕਿਆ।
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਬਲਾਕ ਕਾਂਗਰਸ ਕਮੇਟੀ ਸੇਰਪੁਰ ਦੇ ਪ੍ਰਧਾਨ ਜਸਮੇਲ ਸਿੰਘ ਬੜੀ,ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਐਡਵੋਕੇਟ ਜਸਵੀਰ ਸਿੰਘ ਖੇੜੀ, ਸੁਸਾਇਟੀ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਛੀਨੀਵਾਲ, ਗ੍ਰੰਥੀ ਬਾਬਾ ਪ੍ਰੀਤਮ ਸਿੰਘ, ਲਖਬੀਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ,ਹਾਕਮ ਸਿੰਘ ਧਾਲੀਵਾਲ ਸਮੇਤ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਵੱਡੀ ਗਿਣਤੀ ‘ਚ ਪਿੰਡ ਵਾਸੀਆਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਹਾਜ਼ਰੀ ‘ਚ ਹੰਜੂਆਂ ਭਰੀ ਵਿਦਾਇਗੀ ਨਾਲ ਮ੍ਰਿਤਕ ਦਾ ਅੰਤਿਮ ਸਸਕਾਰ ਕੀਤਾ ਗਿਆ।