ਸਕੂਲ ਤੋਂ ਰਹੱਸਮਈ ਹਾਲਾਤਾਂ 'ਚ ਲਾਪਤਾ ਹੋਇਆ 14 ਸਾਲਾ ਵਿਦਿਆਰਥੀ, ਪਰਿਵਾਰ ਨੇ ਸਕੂਲ ਪ੍ਰਸ਼ਾਸਨ 'ਤੇ ਲਗਾਏ ਅਣਗਹਿਲੀ ਦੇ ਦੋਸ਼
ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਸਕੂਲ ਤੋਂ ਦਸਵੀਂ ਜਮਾਤ ਦਾ 14 ਸਾਲਾ ਵਿਦਿਆਰਥੀ ਜਸਕਰਨ ਸਿੰਘ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਵਿਦਿਆਰਥੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੁਰਦੀਪ ਸਿੰਘ, ਵਾਸੀ ਵਾਰਡ ਨੰਬਰ 5, ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
Publish Date: Fri, 31 Jul 2026 10:00 AM (IST)
Updated Date: Fri, 31 Jul 2026 10:00 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਸਕੂਲ ਤੋਂ ਦਸਵੀਂ ਜਮਾਤ ਦਾ 14 ਸਾਲਾ ਵਿਦਿਆਰਥੀ ਜਸਕਰਨ ਸਿੰਘ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਵਿਦਿਆਰਥੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੁਰਦੀਪ ਸਿੰਘ, ਵਾਸੀ ਵਾਰਡ ਨੰਬਰ 5, ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਜਸਕਰਨ ਦੀ ਦਾਦੀ ਅਮਰਜੀਤ ਕੌਰ ਪਤਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੱਚਾ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਿਆ ਸੀ ਪਰ ਛੁੱਟੀ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਜਦੋਂ ਦੁਪਹਿਰ ਕਰੀਬ ਢਾਈ ਵਜੇ ਤੱਕ ਉਹ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਸਕੂਲ ਵਿੱਚ ਪੁੱਛਗਿੱਛ ਦੌਰਾਨ ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਜਸਕਰਨ ਨੂੰ ਇਹ ਕਹਿ ਕੇ ਬਾਹਰ ਬੁਲਾਇਆ ਕਿ ਉਸ ਦੇ ਪਿਤਾ ਉਸ ਨੂੰ ਲੈਣ ਆਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਜਸਕਰਨ ਦੇ ਪਿਤਾ ਪਿਛਲੇ ਚਾਰ ਸਾਲਾਂ ਤੋਂ ਘਰ ਤੋਂ ਲਾਪਤਾ ਹਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੱਚੇ ਨੂੰ ਗੁੰਮਰਾਹ ਕਰਕੇ ਆਪਣੇ ਨਾਲ ਲੈ ਗਿਆ।
ਬੱਚੇ ਦੇ ਮਾਮੇ ਨੇ ਸਕੂਲ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਲੈਣ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਦੀ ਕੋਈ ਢੁੱਕਵੀਂ ਵਿਵਸਥਾ ਨਹੀਂ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਕੂਲ ਦੇ ਸੀਸੀਟੀਵੀ ਕੈਮਰੇ ਬੰਦ ਸਨ, ਜਿਸ ਕਾਰਨ ਘਟਨਾ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਦੂਜੇ ਪਾਸੇ ਸਕੂਲ ਦੀ ਅਧਿਆਪਕਾ ਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਬਾਅਦ ਵਿੱਚ ਮਿਲੀ ਅਤੇ ਉਹ ਮਾਮਲੇ ਬਾਰੇ ਵਧੇਰੇ ਜਾਣਕਾਰੀ ਨਹੀਂ ਰੱਖਦੇ।
ਇਸ ਸਬੰਧੀ ਏਐਸਆਈ ਸਰੀਫ ਮਸੀਹ ਨੇ ਦੱਸਿਆ ਕਿ ਅਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਐੱਫ.ਆਈ.ਆਰ. ਨੰਬਰ 168 ਦਰਜ ਕਰ ਲਈ ਗਈ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜਸਕਰਨ ਸਿੰਘ ਨੂੰ ਕੋਈ ਅਣਪਛਾਤਾ ਵਿਅਕਤੀ ਸਕੂਲ ਤੋਂ ਆਪਣੇ ਨਾਲ ਲੈ ਗਿਆ ਅਤੇ ਉਸ ਦਾ ਸਕੂਲ ਬੈਗ ਵੀ ਸਕੂਲ ਵਿੱਚ ਹੀ ਮਿਲਿਆ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵੱਖ-ਵੱਖ ਪੱਖਾਂ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀ ਦੀ ਭਾਲ ਲਈ ਟੀਮਾਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ ਦੋਸ਼ੀਆਂ ਦੀ ਪਛਾਣ ਹੁੰਦੇ ਹੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਤੇ ਜਲਦ ਹੀ ਬੱਚੇ ਨੂੰ ਲੱਭ ਲਿਆ ਜਾਵੇਗਾ।