ਬਟਾਲਾ 'ਚ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ: 'ਪੰਜਾਬ ਸਰਕਾਰ ਨੇ ਸਾਰੇ ਧਰਮਾਂ ਦੇ ਵਿਕਾਸ ਲਈ ਕੀਤੇ ਇਤਿਹਾਸਕ ਕੰਮ'
ਬਟਾਲਾ ਵਿਖੇ ਕਰਵਾਈ ਗਈ ’ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਿਰਕਤ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਦੇ ਸਤਿਕਾਰ ਅਤੇ ਧਾਰਮਿਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਧਾਰਮਿਕ ਸਮਾਗਮਾਂ ਨੂੰ ਪ੍ਰੋਤਸਾਹਨ ਦੇਣ ਅਤੇ ਹਰ ਧਰਮ ਦਾ ਬਰਾਬਰ ਸਤਿਕਾਰ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਹਨ।
Publish Date: Tue, 30 Jun 2026 03:10 PM (IST)
Updated Date: Tue, 30 Jun 2026 03:17 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਬਟਾਲਾ ਵਿਖੇ ਕਰਵਾਈ ਗਈ ’ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਿਰਕਤ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਦੇ ਸਤਿਕਾਰ ਅਤੇ ਧਾਰਮਿਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਧਾਰਮਿਕ ਸਮਾਗਮਾਂ ਨੂੰ ਪ੍ਰੋਤਸਾਹਨ ਦੇਣ ਅਤੇ ਹਰ ਧਰਮ ਦਾ ਬਰਾਬਰ ਸਤਿਕਾਰ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਹਨ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਰੋਨ ਸ਼ੋਅ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੀ ਪੂਰੇ ਪੰਜਾਬ ਵਿੱਚ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 1 ਅਗਸਤ ਤੋਂ ਇਸ ਯੋਜਨਾ ਵਿੱਚ ਖਾਟੂ ਸ਼ਿਆਮ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੇ ਤਿੰਨ ਨਵੇਂ ਰੂਟ ਵੀ ਸ਼ਾਮਲ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਦਾ ਲਾਭ ਲੈ ਸਕਣ।
ਕੇਜਰੀਵਾਲ ਨੇ ਐਲਾਨ ਕੀਤਾ ਕਿ ਜਲੰਧਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਤੋਂ ਬਾਅਦ ਹੁਣ ਪੰਜਾਬ ਦੇ ਹੋਰ 22 ਸ਼ਹਿਰਾਂ ਵਿੱਚ ਵੀ ’ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਰਗੀਆਂ ਵਿਸ਼ਾਲ ਭਜਨ ਸੰਧਿਆਵਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਨ੍ਹਾਂ ਧਾਰਮਿਕ ਸਮਾਗਮਾਂ ਨੂੰ ਭਰਪੂਰ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ।
ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ, ਜੋ ਜਲਦ ਮੁਕੰਮਲ ਹੋਣ ਦੀ ਉਮੀਦ ਹੈ। ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਬਟਾਲਾ ਦੇ ਵਿਧਾਇਕ ਅਤੇ ਪੰਜਾਬ ’ਆਪ’ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।