ਬਟਾਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਗੈਰ ਕਾਨੂੰਨੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਤੇ ਜ਼ਖ਼ਮੀਆਂ ਨੂੰ ਮਿਲਣ ਬਟਾਲਾ ਪਹੁੰਚੇ। ਕੈਪਟਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲਚਾਲ ਜਾਣਿਆ ਤੇ ਕਿਹਾ ਕਿ ਮਾਮਲੇ ਦੀ ਜਾਂਚ ਬਿਠਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਵੀ ਜ਼ਖ਼ਮੀਆਂ ਨੂੰ ਮਿਲੇ ਤੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਦੱਸ ਦੇਈਏ ਕਿ ਪਾਕਿਸਤਾਨ ਸਰਹੱਦ ਨੇੜੇ ਸਥਿਤ ਬਟਾਲਾ ਸ਼ਹਿਰ 'ਚ ਬੁੱਧਵਾਰ ਨੂੰ ਪਟਾਕਾ ਫੈਕਟਰੀ 'ਚ ਭਿਆਨਕ ਧਮਾਕਾ ਹੋਇਆ ਸੀ ਜਿਸ ਵਿਚ 23 ਲੋਕਾਂ ਦੀ ਮੌਤ ਤੇ 26 ਲੋਕ ਜ਼ਖ਼ਮੀ ਹੋਏ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਸਨ। ਨਾਲ ਹੀ ਪੰਜਾਬ ਸਰਕਾਰ ਨੇ ਘਟਨਾ ਦੇ ਸ਼ਿਕਾਰ ਲੋਕਾਂ ਲਈ ਸਹਾਇਤਾ ਰਾਸ਼ੀ ਵੀ ਐਲਾਨ ਕੀਤੀ ਹੈ। ਮੁੱਖ ਮੰਤਰੀ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।

Posted By: Amita Verma